ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਪਿੰਡ ਮੂਸਾ ਪਹੁੰਚ ਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਤੇ ਇਸ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਿਸ ਇਨਸਾਨ ਨੇ ਬਹੁਤ ਛੋਟੀ ਉਮਰ ਵਿੱਚ ਪੰਜਾਬ ਦਾ ਨਾਂ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੋਵੇ, ਉਸ ਦਾ ਇੰਜ ਦਿਨ-ਦਿਹਾੜੇ ਕਤਲ ਹੋ ਜਾਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਾਲੇ ਦਿਨ ਉਹ ਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਇਕੱਠੇ ਹੀ ਸੀ ਤੇ ਅੱਜ ਉਹ ਆਪਣੇ ਤੇ ਬਲਵੰਤ ਰਾਜੋਆਣਾ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਇਨਸਾਫ਼ ਲਈ ਲੜੀ ਜਾ ਰਹੀ ਲੜਾਈ ਵਿੱਚ ਉਹ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਘਟਾਉਣ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਹਾਈ ਕੋਰਟ ਮੁੜ ਸੁਰੱਖਿਆ ਬਹਾਲੀ ਦੇ ਹੁਕਮ ਦਿੱਤੇ ਹਨ, ਪਰ ਇਸ ਨਾਲ ਹੁਣ ਸਿੱਧੂ ਮੂਸੇਵਾਲਾ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਸਿਟਿੰਗ ਜੱਜ ਕੋਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਕਿ ਸੁਰੱਖਿਆ ਵਾਪਸ ਲੈਣ ਵਾਲੇ ਗੁਪਤ ਦਸਤਾਵੇਜ਼ ਕਿਸ ਨੇ ਜਨਤਕ ਕੀਤੇ। ਉਨ੍ਹਾਂ ਕਿਹਾ ਕਿ ਇਸ ਸਾਰੀ ਜਾਣਕਾਰੀ ‘ਆਪ’ ਦੀ ਵੈੱਬਸਾਈਟ ’ਤੇ ਸਾਂਝੀ ਕੀਤੀ ਗਈ ਸੀ।
ਬੰਬੀਹਾ ਗੈਂਗ ਦੀ ਧਮਕੀ ਮਗਰੋਂ ਪੰਜਾਬ ਪੁਲੀਸ ਨੇ ਚੌਕਸੀ ਵਧਾਈ
ਬੰਬੀਹਾ ਗੈਂਗ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਸ਼ੋਸਲ ਮੀਡੀਆ ’ਤੇ ਧਮਕੀਆਂ ਦੇਣ ਮਗਰੋਂ ਪੰਜਾਬ ਪੁਲੀਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਹਾਲਾਂਕਿ ਇਹ ਵੀ ਚਰਚਾ ਹੈ ਕਿ ਬੰਬੀਹਾ ਗੈਂਗ ਵੱਲੋਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ’ਤੇ ਪੇਸ਼ੀ ਦੌਰਾਨ ਹਮਲਾ ਕਰਨ ਅਤੇ ਹਿਰਾਸਤ ਦੌਰਾਨ ਕੋਈ ਵੱਡੀ ਕਾਰਵਾਈ ਕਰਨ ਬਾਰੇ ਕੇਂਦਰੀ ਖੂਫ਼ੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਵਿਸ਼ੇਸ ਜਾਣਕਾਰੀ ਭੇਜੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛ-ਗਿੱਛ ਲਈ ਦਿੱਲੀ ਤੋਂ ਲਿਆਂਦੇ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਪੇਸ਼ ’ਤੇ ਲਿਜਾਣ ਮੌਕੇ ਪੰਜਾਬ ਪੁਲੀਸ ਵੱਲੋਂ ਬੁਲੇਟ ਪਰੂਫ਼ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਪਰ ਬੰਬੀਹਾ ਗੈਂਗ ਵੱਲੋਂ ਦਿੱਤੀ ਗਈ ਧਮਕੀ ਮਗਰੋਂ ਪੰਜਾਬ ਪੁਲੀਸ ਨੇ ਦੋਵੇਂ ਗੈਂਗਸਟਰਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਹੈ। ਪੁਲੀਸ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਬੰਬੀਹਾ ਗੈਂਗ ਅਦਾਲਤੀ ਸਟਾਫ਼ ਸਣੇ ਵਕੀਲਾਂ ਦੀ ਆੜ ਹੇਠ ਵੀ ਹਮਲਾ ਕਰ ਸਕਦਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚਲੇ ਐੱਸਐੱਸਪੀਜ਼ ਨੂੰ ਪਹਿਲਾਂ ਨਾਲੋਂ ਹੋਰ ਜ਼ਿਆਦਾ ਸੁਰੱਖਿਆ ਬੰਦੋਬਸਤ ਕਰਨ, ਸੀਸੀਟੀਵੀ ਕੈਮਰਿਆਂ ਦੀ ਚੌਕਸੀ ਵਧਾਉਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਜਾਂਚ ਤੋਂ ਅਦਾਲਤਾਂ ਜਾਂ ਜੇਲ੍ਹ ’ਚ ਨਾ ਜਾਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ।