ਸੀਚੇਵਾਲ ਵੱਲੋਂ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਮੰਗ
ਸੰਸਦ ਮੈਂਬਰ ਬਲਬੀਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੌਮੀ ਆਫ਼ਤ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫਟਣ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਹੋਰ ਗੰਭੀਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ ਤਿੰਨ ਲੱਖ ਕਿਸਾਨਾਂ ਦੀਆਂ ਫ਼ਸਲਾਂ ਹੜ੍ਹਾਂ ਦੀ ਮਾਰ ਹੇਠ ਹਨ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦੋਂਕਿ 1988 ਵਿੱਚ ਇਹ ਪੱਧਰ 11.20 ਲੱਖ ਕਿਊਸਿਕ ਸੀ। ਉਨ੍ਹਾਂ ਕਿਹਾ ਕਿ ਇਸ ਨੇ ਪੰਜਾਬ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਸੰਤ ਸੀਚੇਵਾਲ ਨੇ ਪੱਤਰ ਰਾਹੀਂ ਦੱਸਿਆ ਕਿ ਬਿਆਸ ਦਰਿਆ ਦੇੇ ਪਾਣੀ ਨੇ ਵੱਡੀ ਗਿਣਤੀ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ ਹੈ। ਇਸ ਸਮੇਂ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖਿੱਤੇ ਬੁਰੀ ਤਰ੍ਹਾਂ ਨਾਲ ਹੜ੍ਹ ਦੀ ਮਾਰ ਹੇਠ ਹਨ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ। ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਕੋਲ ਤੱਥਾਂ ਸਣੇ ਆਪਣਾ ਪੱਖ ਰੱਖਿਆ ਜਾਵੇ ਤਾਂ ਜੋ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਮਿਲ ਸਕੇ। ਸ੍ਰੀ ਸੀਚੇਵਾਲ ਨੇ ਕਿਹਾ ਕਿ ਮੁਆਵਜ਼ਾ ਕਾਸ਼ਤਕਾਰਾਂ ਨੂੰ ਮਿਲਣਾ ਚਾਹੀਦਾ ਹੈ।