ਸੁੰਦਰ ਨਾਥ ਆਰੀਆ
ਅਬੋਹਰ, 27 ਜੂਨ
ਨਹਿਰਾਂ ਵਿੱਚ ਕੈਮੀਕਲ ਯੁਕਤ ਪਾਣੀ ਸਪਲਾਈ ਹੋਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕੌਮੀ ਗਰੀਨ ਟ੍ਰਿਬਿਊਨਲ ਦੇ ਮੈਂਬਰਾਂ ਸਣੇ ਪਿੰਡ ਦੀਵਾਨਖੇੜਾ ਪੁੱਜ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਸੀਚੇਵਾਲ ਨੂੰ ਕਿਸਾਨ ਅਜੈ ਵਧਵਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਬੁੱਢੇ ਨਾਲੇ ਦਾ ਕੈਮੀਕਲ ਵਾਲਾ ਪਾਣੀ ਨਹਿਰਾਂ ਵਿੱਚ ਪਾਇਆ ਜਾ ਰਿਹਾ ਹੈ, ਜਿਸ ਨਾਲ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਹੀ ਫ਼ਸਲਾਂ ਵੀ ਖਰਾਬ ਹੋਣ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅੱਜ ਤੱਕ ਕਿਸੇ ਵੀ ਵਿਭਾਗ ਦੇ ਮੰਤਰੀ ਜਾਂ ਅਧਿਕਾਰੀ ਨੇ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਕਿਸਾਨ ਅਜੈ ਵਧਵਾ ਨੇ ਸੰਤ ਸੀਚੇਵਾਲ ਅਤੇ ਟੀਮ ਨੂੰ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕਰਵਾਇਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੇ ਗਏ ਬੂਟਿਆਂ ਦੀ ਸੰਭਾਲ ਲਈ ਆਈਸੀਯੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੈਮੀਕਲ ਵਾਲਾ ਪਾਣੀ ਪੀਣ ਨਾਲ ਇਲਾਕੇ ਦੇ ਲੋਕ ਕੈਂਸਰ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਛੇਤੀ ਰਾਹਤ ਦਿੱਤੀ ਜਾਵੇ। ਸੀਚੇਵਾਲ ਅਤੇ ਉਨ੍ਹਾਂ ਦੇ ਨਾਲ ਆਈ ਟੀਮ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਸਾਰੀ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਸੌਂਪਣਗੇ ਤੇ ਜਲਦੀ ਹੀ ਬੁੱਢੇ ਨਾਲੇ ਤੋਂ ਸਪਲਾਈ ਹੋਣ ਵਾਲੇ ਕੈਮੀਕਲ ਯੁਕਤ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ।