ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਤੇ ਉਨ੍ਹਾਂ ’ਤੇ ਅੰਤਰਰਾਜੀ ਬੀਜ ਘੁਟਾਲੇ ’ਚ ਠੱਗੀ ਮਾਰਨ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਕੇਸ ਦਰਜ ਕੀਤਾ ਜਾਵੇ। ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਪੀ ਆਰ-128 ਅਤੇ ਪੀ ਆਰ-129 ਕਿਸਮਾਂ ਦੇ ਨਕਲੀ ਬੀਜਾਂ ਰਾਹੀਂ ਛੇ ਲੱਖ ਏਕੜ ਵਿਚ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਜਾਇਜ਼ੇ ਲਈ ਗਿਰਦਾਵਰੀ ਦੇ ਹੁਕਮ ਦੇਣ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ’ਤੇ ਧਾਰਾ-120 (ਬੀ) ਤਹਿਤ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਆਪਣੇ ਨੇੜਲੇ ਸਹਿਯੋਗੀ ਤੇ ਨਕਲੀ ਬੀਜ ਦੇ ਉਤਪਾਦਕ ਦੇ ਅਪਰਾਧ ’ਤੇ ਪਰਦਾ ਪਾਉਣ ਲਈ ਸੂਬਾਈ ਸਕੱਤਰੇਤ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਜਾਅਲੀ ਬਿੱਲ ਪੇਸ਼ ਕੀਤੇ ਸਨ।