ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 23 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਚਾਹੇ ਕਰੋਨਾ ਦਾ ਕਹਿਰ ਅਜੇ ਜਾਰੀ ਹੈ ਪਰ ਜਿਸ ਤਰ੍ਹਾਂ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਦੇਸ਼ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਸੀ ਉਸੇ ਤਰ੍ਹਾਂ ਹੀ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਹੁਣ ਬਿਨਾਂ ਕਿਸੇ ਦੇਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਤਾਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਸੀ ਪਰ ਬਾਅਦ ਵਿੱਚ ਕਰੋਨਾ ਮਹਾਮਾਰੀ ਕਾਰਨ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ। ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਜਦ ਦੇਸ਼ ਵਿੱਚ ਬਾਕੀ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਤਾਂ ਸਿੱਖ ਸੰਗਤਾਂ ਬੜੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ ਕਿ ਕਰਤਾਰਪੁਰ ਸਾਹਿਬ ਲਾਂਘਾ ਵੀ ਖੁੱਲ੍ਹੇ ਤੇ ਉਹ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਣ ਪਰ ਲਾਂਘਾ ਨਾ ਖੁੱਲ੍ਹਣ ਕਾਰਨ ਸੰਗਤਾਂ ਨਿਰਾਸ਼ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਜਾਵੇ।