ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਸਿੱਖ ਜਰਨੈਲ ਹਰੀ ਸਿੰਘ ਨਲੂਆ ਦਾ ਬੁੱਤ ਹਟਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਇਹ ਬੁੱਤ ਮੁੜ ਲਗਵਾਉਣਾ ਯਕੀਨੀ ਬਣਾਉਣ। ਪੱਤਰ ਵਿਚ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਾਕਿਸਤਾਨ ਦੇ ਸਥਾਨਕ ਪ੍ਰਸ਼ਾਸਨ ਨੇ ਖੈਬਰ ਪਖਤੂਨਵਾ ਦੇ ਸ਼ਹਿਰ ਹਰੀਪੁਰ ਵਿਚ ਸਿੱਖ ਜਰਨੈਲ ਹਰੀ ਸਿੰਘ ਨਲੂਆ ਦਾ ਬੁੱਤ ਹਟਾ ਦਿੱਤਾ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਅਪੀਲਾਂ ਦੇ ਬਾਵਜੂਦ ਪਾਕਿਸਤਾਨ ਸਰਕਾਰ ਹਰੀ ਸਿੰਘ ਨਲੂਆ ਦੀ ਹਵੇਲੀ ਦੀ ਸੰਭਾਲ ਨਹੀਂ ਕਰ ਸਕੀ। ਹੁਣ ਹਰੀਪੁਰ ਵਿਚ ਪ੍ਰਸ਼ਾਸਨ ਨੇ ਹਰੀ ਸਿੰਘ ਨਲੂਆ ਦਾ ਬੁੱਤ ਹਟਵਾ ਦਿੱਤਾ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਬੁੱਤ ਹਟਾਉਣ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ
ਅੰਮ੍ਰਿਤਸਰ (ਟਨਸ): ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪਬਲਿਸਟੀ ਇੰਚਾਰਜ ਹਰਭਜਨ ਸਿੰਘ ਵਕਤਾ ਨੇ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹਵਾਲੇ ਨਾਲ ਪਾਕਿਸਤਾਨ ਸਰਕਾਰ ਅਤੇ ਔਕਾਫ ਬੋਰਡ ਨੂੰ ਅਪੀਲ ਕੀਤੀ ਹੈ ਕਿ ਸਿੱਖ ਜਰਨੈਲ ਦਾ ਬੁੱਤ ਹਟਾਉਣ ਸਬੰਧੀ ਖਬਰਾਂ ਬਾਰੇ ਸਥਿਤੀ ਸਪੱਸ਼ਟ ਕੀਤੀ ਜਾਵੇ। ਜੇਕਰ ਇਹ ਬੁਤ ਹਟਾਇਆ ਗਿਆ ਹੈ ਤਾਂ ਇਹ ਨਿੰਦਣਯੋਗ ਹੈ।