ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਈਡੀ ਦੇ ਛਾਪਿਆਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਘਰੋਂ ਮਿਲੀ 10 ਕਰੋੜ ਰੁਪਏ ਦੀ ਵੱਡੀ ਰਕਮ ਤੇ ਸੋਨੇ ਨੇ ਆਮ ਆਦਮੀ ਦਾ ਮਖੌਟਾ ਪਾ ਕੇ ਘੁੰਮ ਰਹੇ ਚਰਨਜੀਤ ਸਿੰਘ ਚੰਨੀ ਦੀ ਪੋਲ ਖੋਲ੍ਹ ਦਿੱਤੀ ਹੈ। ਸ੍ਰੀ ਢੀਂਡਸਾ ਨੇ ਦੋਸ਼ ਲਾਇਆ ਕਿ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਇਕੱਠਾ ਕੀਤਾ ਗਿਆ ਇਹ ਪੈਸਾ ਚੋਣਾਂ ਵਿੱਚ ਖਰਚ ਕੀਤਾ ਜਾ ਰਿਹਾ ਹੈ ਅਤੇ ਈਡੀ ਦੇ ਛਾਪੇ ਦੌਰਾਨ ਬਰਾਮਦ 10 ਕਰੋੜ ਰੁਪਏ ਤਾਂ ਸਿਰਫ਼ ਇਕ ਹਿੱਸਾ ਹੈ ਜਦਕਿ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ਕਈ ਕਰੋੜ ਰੁਪਏ ਪਾਣੀ ਦੀ ਤਰ੍ਹਾਂ ਵਹਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਕਾਂਗਰਸ ਦੇ ਹੋਰ ਕਈ ਉਮੀਦਵਾਰਾਂ ਤੋਂ ਵੀ ਕਰੋੜਾਂ ਰੁਪਏ ਬਰਾਮਦ ਹੋਣ ਦੀ ਉਮੀਦ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਏ ਦਿਨ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਹੋਣ ਦਾ ਡਰਾਮਾ ਕਰਕੇ ਗੁੰਮਰਾਹ ਕਰਦੇ ਰਹੇ ਹਨ ਅਤੇ ਅਸਲੀਅਤ ’ਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਤੌਰ ਮੁੱਖ ਮੰਤਰੀ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਇਕੱਠੇ ਕੀਤੇ ਗਏ ਹਨ ਅਤੇ ਇਹ ਸਾਰਾ ਪੈਸੇ ਆਪਣੇ ਰਿਸ਼ਤੇਦਾਰਾਂ ਕੋਲ ਸੰਭਾਲ ਦਿੱਤਾ ਗਿਆ ਹੈ। ਸਪੱਸ਼ਟ ਹੋ ਚੁੱਕਾ ਹੈ ਕਿ ਕਾਂਗਰਸ ਚੋਣਾਂ ਵਿੱਚ ਪੈਸੇ ਦੇ ਜ਼ੋਰ ’ਤੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ। ਢੀਂਡਸਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।