ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ 30 ਜਨਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧੀ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਚੋਣ ਅਫਸਰ (ਸੀਈਓ) ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 12.11 ਕਰੋੜ ਰੁਪਏ ਦੀ 26.64 ਲੱਖ ਲਿਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਨੇ 273.13 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 18.48 ਕਰੋੜ ਰੁਪਏ ਦੀ ਬੇਨਾਮੀ ਨਕਦੀ ਬਰਾਮਦ ਕੀਤੀ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1197 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2,860 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ’ਚੋਂ 1,835 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ।