ਸ੍ਰੀ ਫ਼ਤਹਿਗੜ੍ਹ ਸਾਹਿਬ: ਇਥੋਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਤੋਂ ਦੋ ਚੋਰੀਸ਼ੁਦਾ ਮੋਟਰਸਾਈਕਲ ਅਤੇ ਅੱਠ ਮੋਬਾਈਲ ਫੋਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਸ਼ਵਤ ਕੁਮਾਰ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਾਹਰੋਂ ਚੋਰੀ ਕੀਤੇ ਗਏ ਮੋਟਰਸਾਈਕਲ ਸਮੇਤ ਦਵਿੰਦਰ ਸਿੰਘ ਉਰਫ ਸੋਨੀ ਵਾਸੀ ਡੇਰਾ ਮੀਰ ਮੀਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਤੋਂ ਪੁੱਛਗਿੱਛ ਦੌਰਾਨ ਇੱਕ ਹੋਰ ਚੋਰੀਸ਼ੁਦਾ ਮੋਟਰਸਾਈਕਲ ਅਤੇ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਵਿਰੁੱਧ ਪਹਿਲਾਂ ਵੀ ਚੋਰੀ ਦੇ ਦੋ ਕੇਸ ਦਰਜ ਹਨ। -ਪੱਤਰ ਪ੍ਰੇਰਕ