ਗਗਨਦੀਪ ਅਰੋੜਾ
ਲੁਧਿਆਣਾ, 16 ਜੁਲਾਈ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਹਿਰ ਦੇ ਰਾਹੋਂ ਰੋਡ ’ਤੇ ਸਥਿਤ ਪਿੰਡ ਸੇਖੋਵਾਲ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਨੇ ਅੱਜ ਪਿੰਡ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਹਾਲ ਵਿਚ ਉਹ ਪਿੰਡ ਦੀ ਪੰਚਾਇਤੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਣਗੇ। ਇਸ ਤੋਂ ਇਲਾਵਾ ਜੇ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਂ ਹੋਰ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਲੋਕ ਇਨਸਾਫ਼ ਪਾਰਟੀ ਉਨ੍ਹਾਂ ਦੀ ਮਦਦ ਕਰੇਗੀ। ਵਿਧਾਇਕ ਬੈਂਸ ਨੇ ਐਲਾਨ ਕੀਤਾ ਕਿ ਉਹ ਜਲਦ ਇਸ ਪਿੰਡ ਵਿਚ ਨੇੜਲੇ ਪਿੰਡਾਂ ਦੇ ਲੋਕਾਂ ਦਾ ਇਕੱਠ ਕਰਨਗੇ ਤੇ ਸਰਕਾਰ ਖ਼ਿਲਾਫ਼ ਪਿੰਡ ਵਾਸੀਆਂ ਨਾਲ ਮਿਲ ਕੇ ਮੋਰਚਾ ਖੋਲ੍ਹਣਗੇ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਆਇਆ ਤਾਂ ਉਸ ਨੂੰ ਪਿੰਡ ਅੰਦਰ ਨਹੀਂ ਵੜਨ ਦਿੱਤਾ ਜਾਵੇਗਾ।
ਵਿਧਾਇਕ ਬੈਂਸ ਨੇ ਪਿੰਡ ਦੀ ਸਰਪੰਚ ਅਮਰੀਕ ਕੌਰ ਤੇ ਸਾਬਕਾ ਸਰਪੰਚ ਧੀਰ ਸਿੰਘ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਵਿਧਾਇਕ ਬੈਂਸ ਨੇ ਦੱਸਿਆ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਛਾਪੀ ਗਈ ਖ਼ਬਰ ਪੜ੍ਹ ਕੇ ਅੱਜ ਉਹ ਇਸ ਪਿੰਡ ਵਿਚ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰੇ ਪੰਜਾਬ ਦੀਆਂ ਸਨਅਤਾਂ ਬੰਦ ਹੋਣ ਦੀ ਕਗਾਰ ’ਤੇ ਹਨ ਤੇ ਕੁਝ ਪੰਜਾਬ ਨੂੰ ਛੱਡ ਕੇ ਗੁਆਂਢੀ ਸੂਬਿਆਂ ਵਿਚ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਹੋਰ ਕੁਝ ਕਰਨ ਨੂੰ ਨਹੀਂ ਹੈ ਤਾਂ ਸਰਕਾਰ ਨੇ ਆਪਣੇ ਨੇੜਲਿਆਂ ਨੂੰ ਫਾਇਦਾ ਦੇਣ ਲਈ ਇਹ ਨਵੀਂ ਸਕੀਮ ਤਿਆਰ ਕੀਤੀ ਹੈ। ਸਰਕਾਰ ਪਿੰਡਾਂ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਸਨਅਤਕਾਰਾਂ ਨੂੰ ਵੇਚੇਗੀ, ਜਿਸ ਨਾਲ ਮੌਜੂਦਾ ਸਰਕਾਰ ਦੇ ਮੰਤਰੀਆਂ ਨੂੰ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਸਨਅਤਾਂ ਦੇ ਨਾਂ ’ਤੇ ਪਿੰਡ ਕਿਉਂ ਉਜਾੜੇ ਜਾ ਰਹੇ ਹਨ, ਇਹ ਗੱਲ ਸਮਝ ਨਹੀਂ ਆ ਰਹੀ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਹ ਫ਼ੈਸਲਾ ਨਾ ਬਦਲਿਆ ਤਾਂ ਸਰਕਾਰ ਖ਼ਿਲਾਫ਼ ਕਾਨੂੰਨੀ ਲੜਾਈ ਲੜੀ ਜਾਵੇਗੀ ਤੇ ਸੜਕਾਂ ’ਤੇ ਸੰਘਰਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਨਅਤੀ ਸ਼ਹਿਰ ਦੇ ਇਸ ਪਿੰਡ ਦੀ 407 ਏਕੜ ਵਾਹੀਯੋਗ ਜ਼ਮੀਨ ਨੂੰ ਸਰਕਾਰ ਐਕੁਆਇਰ ਕਰ ਰਹੀ ਹੈ, ਜਿਸ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ। ਇਸ ਜ਼ਮੀਨ ’ਤੇ ਪਿੰਡ ਦੇ 80 ਪਰਿਵਾਰ ਖੇਤੀ ਕਰ ਕੇ ਆਪਣੀ ਜ਼ਿੰਦਗੀ ਦਾ ਗੁਜ਼ਾਰਾ ਕਰ ਰਹੇ ਹਨ ਤੇ ਸਾਰੇ ਪਰਿਵਾਰਾਂ ਕੋਲ 5-5 ਏਕੜ ਜ਼ਮੀਨ ਹੈ। ਜੇ ਸਰਕਾਰ ਇਹ ਜ਼ਮੀਨ ਐਕੁਆਇਰ ਕਰਦੀ ਹੈ ਤਾਂ ਪਿੰਡ ਵਾਸੀਆਂ ਕੋਲ ਖੇਤੀ ਕਰਨ ਲਈ ਕੋਈ ਜਗ੍ਹਾ ਨਹੀਂ ਬਚੇਗੀ ਤੇ ਪਿੰਡ ਵਾਲੇ ਸੜਕਾਂ ’ਤੇ ਆ ਜਾਣਗੇ।
ਜ਼ਮੀਨ ਗ੍ਰਹਿਣ ਕਰਨ ਖ਼ਿਲਾਫ਼ ਅਦਾਲਤ ਜਾਵੇਗੀ ‘ਆਪ’
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪਿੰਡ ਸੇਖੋਵਾਲ ਦੀ 407 ਏਕੜ ਪੰਚਾਇਤੀ ਜ਼ਮੀਨ ਨੂੰ ਸਨਅਤੀ ਵਿਕਾਸ ਦੇ ਨਾਂ ’ਤੇ ਐਕੁਆਇਰ ਕੀਤੇ ਜਾਣ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਘਰਸ਼ ਕਰਨ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਧੋਖੇ ਨਾਲ ਪਿੰਡ ਦੀ ਜ਼ਮੀਨ ’ਤੇ ਡਾਕਾ ਮਾਰਿਆ ਹੈ। ਇਸ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਸੇਖੋਵਾਲ ਵਿਚ ਜ਼ਿਆਦਾ ਗਿਣਤੀ ਦਲਿਤ ਪਰਿਵਾਰਾਂ ਦੀ ਹੈ, ਜੋ ਇਸ ਜ਼ਮੀਨ ’ਤੇ ਕਈ ਪੀੜ੍ਹੀਆਂ ਤੋਂ ਖੇਤੀ ਕਰ ਰਹੇ ਸਨ। ਕੈਪਟਨ ਸਰਕਾਰ ਦੇ ਅਜਿਹੇ ਫ਼ੈਸਲੇ ਨਾਲ ਉਹ ਸਾਰੇ ਬੇਘਰ ਹੋ ਜਾਣਗੇ। ‘ਆਪ’ ਆਗੂਆਂ ਨੇ ਕਿਹਾ ਕਿ ਉਹ ਸੇਖੋਵਾਲ ਦੀ ਜ਼ਮੀਨ ਗ੍ਰਹਿਣ ਕਰਨ ਵਿਰੁੱਧ ਸੰਘਰਸ਼ ਕਰਨਗੇ ਅਤੇ ਲੋੜ ਪੈਣ ’ਤੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਜਾਣਗੇ।
ਗੁਮਰਾਹ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇ: ਸਰਪੰਚ
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮੱਤੇਵਾੜਾ ਜੰਗਲਾਂ ਨੇੜਲੇ ਤਿੰਨ ਪਿੰਡਾਂ ਦੀ ਪੰਚਾਇਤੀ ਜ਼ਮੀਨ ਗ੍ਰਹਿਣ ਕਰ ਕੇ ਸਰਕਾਰ ਵੱਲੋਂ ਸਨਅਤੀ ਪਾਰਕ ਬਣਾਉਣ ਦਾ ਮਾਮਲਾ ਭਖ਼ ਗਿਆ ਹੈ। ਪਿੰਡ ਸੇਖੋਵਾਲ ਦੀ ਸਰਪੰਚ ਅਮਰੀਕ ਕੌਰ ਨੇ ਆਖਿਆ ਕਿ ਪ੍ਰਸ਼ਾਸਨ ਨੇ ਇਥੇ ਪਾਰਕ ਬਣਾਉਣ ਦੀ ਗੱਲ ਆਖੀ ਸੀ, ਜਿੱਥੇ ਵਿਦੇਸ਼ਾਂ ਤੋਂ ਲੋਕਾਂ ਨੇ ਘੁੰਮਣ ਆਉਣਾ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਇਸ ਜ਼ਮੀਨ ’ਤੇ ਇੰਡਸਟਰੀ ਲੱਗੇਗੀ। ਉਨ੍ਹਾਂ ਆਖਿਆ ਕਿ ਪੰਚਾਇਤ ਨੂੰ ਗੁਮਰਾਹ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੇ ਘੱਟ ਪੜ੍ਹੇ-ਲਿਖੇ ਹੋਣ ਦਾ ਫਾਇਦਾ ਉਠਾਇਆ ਹੈ। ਉਨ੍ਹਾਂ ਆਖਿਆ ਕਿ ਉਹ ਪਿੰਡ ਵਾਸੀਆਂ ਨਾਲ ਹਨ ਅਤੇ ਜੇਕਰ ਲੋਕ 200 ਏਕੜ ਜ਼ਮੀਨ ਨਹੀਂ ਦੇਣਾ ਚਾਹੁੰਦੇ ਤਾਂ ਉਹ ਮੁੜ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਹੁੰਚ ਕਰ ਕੇ ਇਸ ਸਬੰਧੀ ਜਾਣੂ ਕਰਵਾਉਣਗੇ। ਪਿੰਡ ਦੀ ਇਕ ਪੰਚਾਇਤ ਮੈਂਬਰ ਨੇ ਦੋਸ਼ ਲਾਇਆ ਕਿ ਉਸ ਨੂੰ ਇਹ ਦੱਸਿਆ ਗਿਆ ਸੀ ਕਿ 200 ਏਕੜ ਜ਼ਮੀਨ ਗ੍ਰਹਿਣ ਕਰਨੀ ਹੈ ਜਦਕਿ ਗ੍ਰਹਿਣ 407 ਏਕੜ ਕੀਤੀ ਗਈ। ਸਰਪੰਚ ਅਮਰੀਕ ਕੌਰ ਨੇ ਕਿਹਾ ਕਿ ਇਸ ਮਤੇ ’ਤੇ ਸਾਰੇ ਪੰਚਾਇਤ ਮੈਂਬਰਾਂ ਦੇ ਦਸਤਖ਼ਤ ਹਨ, ਜਿਨ੍ਹਾਂ ਨੇ ਸਰਬਸੰਮਤੀ ਨਾਲ ਜ਼ਮੀਨ ਐਕੁਆਇਰ ਕਰਨ ਦਾ ਮਤਾ ਪਾਇਆ ਪਰ ਦੋਸ਼ ਲਾਉਣ ਵਾਲੀ ਪੰਚਾਇਤ ਮੈਂਬਰ ਨੇ ਕਿਹਾ ਕਿ ਮਤੇ ’ਤੇ ਉਸ ਦੇ ਦਸਤਖ਼ਤ ਨਹੀਂ ਹਨ।