ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਗੁਰਦਿੱਤ ਸਿੰਘ ਦੀ ਯਾਦ ਵਿੱਚ ਚੰਡੀਗੜ੍ਹ ਦੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਬੁੱਧੀਜੀਵੀਆਂ ਨੇ ਸ਼ਿਰਕਤ ਕੀਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਵੱਡੀ ਗਿਣਤੀ ਵਿੱਚ ਸਿੱਖ ਬੁੱਧੀਜੀਵੀਆਂ ਨੇ 15 ਸਤੰਬਰ ਨੂੰ ਕੌਮਾਂਤਰੀ ਲੋਕਤੰਤਰ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ ਤੇ ਇਸ ਮੌਕੇ ਅੰਮ੍ਰਿਤਸਰ ਵਿੱਚ ਵੱਡਾ ਇਕੱਠ ਸੱਦਿਆ ਗਿਆ ਹੈ।
ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਲੋਕਾਂ ਤੋਂ ਕਮੇਟੀ ਨੂੰ ਮੁਕਤ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਮੇਟੀ ਨੇ ਪਿਛਲੇ 11 ਸਾਲਾਂ ਤੋਂ ਚੋਣਾਂ ਵੀ ਨਹੀਂ ਕਰਵਾਈਆਂ, ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈ ਜਾਣ। ਐਡਵੋਕੇਟ ਸਿਮਰਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਪੂਰਾ ਪ੍ਰਬੰਧ ਕੇਂਦਰ ਦੀ ਥਾਂ ਪੰਜਾਬ ਕੋਲ ਹੀ ਹੋਣਾ ਚਾਹੀਦਾ ਹੈ। ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਪੰਜਾਬ ਨੂੰ ਆਪਣਾ ਗੁਰਦੁਆਰਾ ਐਕਟ ਬਣਾਉਣਾ ਚਾਹੀਦਾ ਹੈ, ਕਿਉਂਕਿ ਹੁਣ ਸ਼੍ਰੋਮਣੀ ਕਮੇਟੀ ਦਾ ਬਹੁਤਾ ਸਬੰਧ ਪੰਜਾਬ ਨਾਲ ਹੀ ਰਹਿ ਗਿਆ ਹੈ।
ਜਸਪਾਲ ਸਿੰਘ ਸਿੱਧੂ ਤੋਂ ਇਲਾਵਾ ਐਡਵੋਕੇਟ ਅਮਰ ਸਿੰਘ ਚਾਹਲ ਨੇ ਸਿੱਖ ਸੰਸਥਾਵਾਂ ਵਿੱਚ ਧਾਰਮਿਕ ਗਿਰਾਵਟ ’ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖਾਂ ਅੰਦਰ ਧਾਰਮਿਕ ਜਾਗਰੂਕਤਾ ਪੈਦਾ ਕਰਨ ਲਈ ਲਹਿਰ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ।