ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਵਧ ਰਹੀ ਭੀੜ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 7 ਅਪਰੈਲ ਤੋਂ 8 ਮਈ ਤੱਕ ਸੂਬੇ ਦੇ ਸੇਵਾ ਕੇਂਦਰਾਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੇ ਦਿਨ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਦੇ ਆਦੇਸ਼ ਦਿੱਤੇ ਸਨ।