ਦਲਬੀਰ ਸੱਖੋਵਾਲੀਆ
ਬਟਾਲਾ, 14 ਅਕਤੂਬਰ
ਇੱਥੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਕਸਤੂਰੀ ਲਾਲ ਸੇਠ ਨੇ ਇੱਕ ਵਾਰ ਮੁੜ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਅਸਲ ਵਿੱਚ ਕਰੀਬ ਡੇਢ ਮਹੀਨਾ ਪਹਿਲਾਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਕਰੀਬੀ ਪਵਨ ਪੰਮਾ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨੇੜਤਾ ਕਾਰਨ ਇਹ ਅਹੁਦਾ ਸੌਂਪਿਆ ਸੀ। ਇਸ ਮੌਕੇ ਰੰਧਾਵਾ ਤੇ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਮਿਹਨਤੀ ਵਰਕਰ ਨੂੰ ਮਾਣ ਦਿੱਤਾ ਹੈ, ਜਿਸ ਤੋਂ ਸਮੂਹ ਵਰਕਰ ਖੁਸ਼ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸੇਠ ਨੇ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਵਿੱਚ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਸਤੂਰੀ ਲਾਲ ਸੇਠ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਦੇ ਅਹੁਦੇ ਨਾਲ ਨਵਾਜਿਆ ਹੈ। ਅਹੁਦਾ ਸੰਭਾਲਣ ਮੌਕੇ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਇਹ ਮਾਣ ਦੇਣ ਲਈ ਉਹ ਸਦਾ ਪਾਰਟੀ ਹਾਈ ਕਮਾਨ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਰੰਧਾਵਾ ਵੱਲੋਂ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੀ ਨਿਖੇਧੀ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਗੱਲ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਵਾਰ ਫਿਰ ਕਿਹਾ ਹੈ ਕਿ ਉਹ ਬੀਐੱਸਐੱਫ ਐਕਟ ਦੀ ਧਾਰਾ 139 ’ਚ ਕੀਤੀ ਗਈ ਸੋਧ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲੇ ਵਾਂਗ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੱਲ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਲਦੀ ਮਿਲਣਗੇ।