ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਕਤੂਬਰ
ਪੰਜਾਬ ਪੁਲੀਸ ਵੱਲੋਂ ਅੱਜ ਇਥੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਵਿਭਾਗ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਹੇਠ ਕੁੱਲ 6997 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 1097 ਮੁਲਜ਼ਮ ਰਸੂਖ਼ਦਾਰ ਸਨ। ਇਸ ਸਮੇਂ ਦੌਰਾਨ ਪੁਲੀਸ ਵੱਲੋਂ 580 ਵਪਾਰਕ ਮਾਮਲਿਆਂ ਸਣੇ ਕੁੱਲ 5346 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੰਜਾਬ ਪੁਲੀਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਨਾਕੇ ਲਾਉਣ ਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੀਆਂ ਟੀਮਾਂ ਵੱਲੋਂ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਚਾਰ ਮਹੀਨਿਆਂ ਵਿੱਚ ਕੁੱਲ 406.5 ਕਿੱਲੋ ਹੈਰੋਇਨ ਦੀ ਰਿਕਵਰੀ ਹੋਈ ਹੈ। ਆਈਜੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਸੂਬੇ ਭਰ ’ਚੋਂ 300 ਕਿੱਲੋ ਅਫੀਮ, 197.2 ਕਿੱਲੋ ਗਾਂਜਾ, 293 ਕੁਇੰਟਲ ਭੁੱਕੀ ਤੇ ਫਾਰਮਾ ਓਪੀਓਡਜ਼ ਦੀਆਂ 27.56 ਲੱਖ ਗੋਲੀਆਂ, ਕੈਪਸੂਲ, ਟੀਕੇ ਤੇ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਆਈਜੀ ਸ੍ਰੀ ਗਿੱਲ ਨੇ ਦੱਸਿਆ ਕਿ 5 ਜੁਲਾਈ ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫ਼ਤਿਆਂ ਵਿੱਚ ਐੱਨਡੀਪੀਐੱਸ ਕੇਸਾਂ ਵਿੱਚ ਸੱਤ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ।