ਸ਼੍ਰੋਮਣੀ ਕਮੇਟੀ ਦੇ ਇਜਲਾਸ ’ਚ ਕਈ ਮਤੇ ਪਾਸ
ਜਗਤਾਰ ਸਿੰਘ ਲਾਂਬਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕੇਂਦਰ ਸਰਕਾਰ ਤੋਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਨਿੰਦਾ ਸਮੇਤ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਸੰਸਦ ਅੰਦਰ ਨਸਲਕੁਸ਼ੀ ਕਰਾਰ ਦੇਣ ਦੀ ਮੰਗ ਸਬੰਧੀ ਮਤੇ ਪਾਸ ਕੀਤੇ ਗਏ। ਮਤਿਆਂ ਨੂੰ ਹਾਜ਼ਰ ਮੈਂਬਰ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਆਮ ਇਜਲਾਸ ਦੌਰਾਨ ਇਹ ਮਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹੇ। ਇਸ ਦੌਰਾਨ ਇੱਕ ਮਤੇ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਿੱਖਾਂ ਨੂੰ ਦੇਸ਼ ਅੰਦਰ ਮਿਲ ਰਹੀਆਂ ਚੁਣੌਤੀਆਂ ਨੂੰ ਦੂਰ ਕਰਨ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ, ਵਿਲੱਖਣ ਅਤੇ ਨਿਆਰੇਪਣ ਦਾ ਸਤਿਕਾਰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
ਇਕ ਹੋਰ ਮਤੇ ਰਾਹੀਂ ਮੰਗ ਕੀਤੀ ਗਈ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹੋਰ ਰਾਜਾਂ ਵਿੱਚ ਗੈ਼ਰ-ਕਾਨੂੰਨੀ ਤਰੀਕੇ ਨਾਲ ਜਾਣ ਤੋਂ ਰੋਕਿਆ ਜਾਵੇ ਅਤੇ ਸਤਲੁਜ ਯਮੁਨਾ ਲਿੰਕ ਨਹਿਰ ਸਬੰਧੀ ਕਾਰਵਾਈ ’ਤੇ ਵੀ ਰੋਕ ਲਗਾਈ ਜਾਵੇ। ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਦੇ ਹਵਾਲੇ ਕੀਤਾ ਜਾਵੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖੀ ਜਾਵੇ ਅਤੇ ਮਨਮਰਜ਼ੀ ਦੇ ਫ਼ੈਸਲੇ ਥੋਪਣੇ ਬੰਦ ਕੀਤੇ ਜਾਣ। ਖੇਤੀਬਾੜੀ ਸਬੰਧੀ ਫ਼ੈਸਲੇ ਕਿਸਾਨਾਂ ਅਤੇ ਰਾਜ ਦੇ ਸਲਾਹ ਨਾਲ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਸਰਹੱਦੀ ਸੂਬੇ ਪੰਜਾਬ ਦੇ ਸਰੋਤਾਂ, ਕਰਾਂ ਤੇ ਨੀਤੀਆਂ ਦੇ ਪੂਰੇ ਹੱਕ ਹਕੂਕ ਸੂਬੇ ਨੂੰ ਦਿੱਤੇ ਜਾਣ। ਸਿੱਖਾਂ ਦੀ ਵੱਖਰੀ ਪਛਾਣ, ਇਤਿਹਾਸ ਅਤੇ ਸਿਧਾਂਤ ਨੂੰ ਦੇਸ਼ ਅੰਦਰ ਮਿਲਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਹਰ ਰਾਜ ਸਰਕਾਰਾਂ ਨੂੰ ਆਦੇਸ਼ ਕਰੇ ਕਿ ਉਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੇ। ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਬੈਠਣ ਤੋਂ ਰੋਕਣ ਦੀਆਂ ਘਟਨਾਵਾਂ ਵੀ ਰੋਕੀਆਂ ਜਾਣ।
ਇਕ ਮਤੇ ’ਚ ਹਾਲ ਹੀ ਵਿੱਚ ਆਏ ਹੜ੍ਹਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਮਤੇ ਵਿੱਚ ਕਿਹਾ ਗਿਆ ਕਿ ਹੜ੍ਹਾਂ ਨਾਲ ਵੱਡੀ ਪੱਧਰ ’ਤੇ ਘਰ, ਖੇਤ ਅਤੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਨੇ ਪੰਜਾਬ ਦੀ ਆਰਥਿਕਤਾ ਨੂੰ ਕਈ ਸਾਲ ਪਿੱਛੇ ਧੱਕ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਪ੍ਰਗਟਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੀਆਂ ਰਾਹਤ ਸੇਵਾਵਾਂ ਵਿੱਚ ਹਿੱਸਾ ਬਣਨ ਵਾਲੀਆਂ ਸੰਸਥਾਵਾਂ, ਸੰਗਤ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਕੁੱਝ ਅਰਸੇ ਤੋਂ ਬੰਦ ਲਾਂਘਾ ਮੁੜ ਖੋਲ੍ਹਣ ਦੀ ਭਾਰਤ ਸਰਕਾਰ ਪਾਸੋਂ ਮੰਗੀ ਕੀਤੀ ਗਈ। ਮਤੇ ’ਚ ਸਰਕਾਰ ਨੂੰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਪ੍ਰਕਿਰਿਆ ਸੁਖਾਲੀ ਕਰਨ ਲਈ ਵੀ ਆਖਿਆ। ਇਸ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਤੁਰੰਤ ਐਲਾਨ ਕੀਤਾ ਜਾਵੇ। ਮਤੇ ’ਚ ਕਿਹਾ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਫ਼ੈਸਲੇ ਦਾ ਇੰਤਜ਼ਾਰ ਕਰਵਾਉਣਾ ਅਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਕਹਿਣ ਮਗਰੋਂ ਵੀ ਜਾਣਬੁੱਝ ਕੇ ਫ਼ੈਸਲਾ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਮਤੇ ਵਿੱਚ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਨਾਲ ਆਪਣੀਆਂ ਕਾਨੂੰਨੀ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।
