ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਕ-ਇਕ ਲੱਖ ਰੁਪਏ ਦਿੱਤੀ ਜਾਵੇਗੀ। ਇਹ ਫੈਸਲਾ ਅੱਜ ਇਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਹੈ। ਸੰਘਰਸ਼ ਦੌਰਾਨ ਧਰਨੇ ’ਤੇ ਬੈਠੀਆਂ ਕਿਸਾਨ ਬੀਬੀਆਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਵਿੱਚ ਸਵੇਰੇ ਅੱਠ ਤੋਂ ਨੌਂ ਵਜੇ ਤੱਕ ਕਿਸਾਨਾ ਲਈ ਅਰਦਾਸ ਕੀਤੀ ਜਾਵੇਗੀ। ਫ਼ਿਲਮ ਅਦਾਕਾਰਾ ਕੰਗਣਾ ਰਨੌਤ ਵੱਲੋਂ ਕਿਸਾਨ ਬੀਬੀਆਂ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੀ ਸ਼੍ਰੋਮਣੀ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਸਮੀਖਿਆ ਕਮੇਟੀ ਬਣਾਈ ਜਾਵੇਗੀ।