ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਡੀਐੱਸਜੀਪੀਸੀ ਦੀਆਂ ਚੋਣਾਂ ਕਰਵਾਉਣਾ ਡਾਇਰੈਕਟਰ ਗੁਰਦੁਆਰਾ ਚੋਣਾਂ ਦਾ ਅਧਿਕਾਰ ਹੈ ਇਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਧਿਕਾਰ ਖੇਤਰ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦਾਦੂਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਿਰਫ਼ ਸੁਰਖੀਆਂ ਬਟੋਰਨ ਲਈ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਚੋਣ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਹਜ਼ੂਰੀ ਵਿਚ ਸਰਨਾ ਭਾਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਸਮੇਤ ਉਨ੍ਹਾਂ ਦੇ ਹਮਾਇਤੀਆਂ ਨੇ ਹੁੱਲੜਬਾਜ਼ੀ ਕੀਤੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨੂੰ ਵੀ ਸ਼ਿਕਾਇਤ ਕੀਤੀ ਹੈ।