ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਮਾਰਚ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਅੱਜ ਇਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਇਹ ਬਿਆਨ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਲਕੇ 7 ਮਾਰਚ ਨੂੰ ਹੋਣ ਵਾਲੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਧਾਮੀ ਦਾ ਇਹ ਬਿਆਨ ਆਇਆ ਹੈ, ਜਿਥੇ ਉਨ੍ਹਾਂ ਦੇ ਅਸਤੀਫ਼ੇ ਬਾਰੇ ਵਿਚਾਰ ਵਟਾਂਦਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਵਾਸਤੇ ਸੱਦੇ ਜਾਣ ਵਾਲੇ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪਿਛਲੀ ਮੀਟਿੰਗ ਵਿੱਚ ਉਨ੍ਹਾਂ ਦੇ ਅਸਤੀਫ਼ੇ ਦਾ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਧਾਮੀ ਨੇ ਲਗਪਗ ਘੰਟਾ ਮੁਲਾਕਾਤ ਕੀਤੀ। ਬਾਅਦ ’ਚ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੈਰ-ਰਸਮੀ ਮੁਲਾਕਾਤ ਕੀਤੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਕੋਈ ਵੀ ਵੱਡੇ ਅਹੁਦੇ ’ਤੇ ਬੈਠਦਾ ਹੈ ਤਾਂ ਦਬਾਅ ਹੁੰਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮਾਮਲੇ ਵਿੱਚ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਖੁਦ ਪਹਿਲਾਂ ਐਡਵੋਕੇਟ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਵਾਸਤੇ ਮਨਾਉਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ ਸਨ।