ਸ਼੍ਰੋਮਣੀ ਕਮੇਟੀ ਨੂੰ ਫ਼ਿਲਮ ‘ਐਮਰਜੈਂਸੀ’ ਰਿਲੀਜ਼ ਹੋਣ ’ਤੇ ਇਤਰਾਜ਼
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਐਮਰਜੈਂਸੀ’ ਬਾਰੇ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਸਿੱਖ ਸੰਸਥਾ ਚਾਹੁੰਦੀ ਹੈ ਕਿ ਇਹ ਫ਼ਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇੱਕ ਵਾਰ ਉਨ੍ਹਾਂ ਨੂੰ ਦਿਖਾਈ ਜਾਵੇ। ਕੰਗਨਾ ਰਣੌਤ ਨੇ ਹਾਲ ਹੀ ’ਚ ਸੋਸ਼ਲ ਮੀਡੀਆ ਮੰਚ ਰਾਹੀਂ ਇਹ ਫ਼ਿਲਮ 17 ਜਨਵਰੀ ਨੂੰ ਰਿਲੀਜ਼ ਕੀਤੇ ਜਾਣ ਦਾ ਖੁਲਾਸਾ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ ਕੋਲੋਂ ਇਸ ਦੀ ਪ੍ਰਵਾਨਗੀ ਪ੍ਰਾਪਤ ਕੀਤੀ। ਇਹ ਫ਼ਿਲਮ 1975 ’ਚ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ’ਤੇ ਆਧਾਰਿਤ ਹੈ, ਜਿਸ ਵਿੱਚ ਪੰਜਾਬ ਅਤੇ ਖਾਸ ਕਰਕੇ ਸਿੱਖ ਇਤਿਹਾਸ ਨਾਲ ਜੁੜੇ ਕੁਝ ਮਾਮਲੇ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਜਦੋਂ ਇਸ ਫ਼ਿਲਮ ਦਾ ਟੀਜ਼ਰ 14 ਅਗਸਤ 2024 ਨੂੰ ਸਾਹਮਣੇ ਆਇਆ ਸੀ ਤਾਂ ਉਸ ਵੇਲੇ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖਤ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਇਆ ਗਿਆ ਸੀ। ਉਸ ਵੇਲੇ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਵਿਰੋਧ ਕਾਰਨ ਤਰੀਕ ਅੱਗੇ ਪਾ ਦਿੱਤੀ ਗਈ। ਸਿੱਖ ਸੰਸਥਾ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਕਿਹਾ ਕਿ ਫ਼ਿਲਮ ਦੇ ਪ੍ਰਬੰਧਕਾਂ ਨੂੰ ਚਾਹੀਦਾ ਸੀ ਕਿ ਸਿੱਖ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਦੇ ਮੱਦੇਨਜ਼ਰ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਇਆ ਜਾਂਦਾ ਤੇ ਉਸ ਦੀ ਤਸੱਲੀ ਹੋਣ ਤੋਂ ਬਾਅਦ ਇਸ ਨੂੰ ਰਿਲੀਜ਼ ਕੀਤਾ ਜਾਂਦਾ ਪਰ ਅਜਿਹਾ ਨਹੀਂ ਹੋਇਆ। ਵੇਰਵਿਆਂ ਅਨੁਸਾਰ ਬੰਗਲਾਦੇਸ਼ ’ਚ ਵੀ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਲਾ ਦਿੱਤੀ ਹੈ। ਇਸ ’ਚ 1971 ਦੀ ਜੰਗ ਤੇ ਬੰਗਲਾਦੇਸ਼ ਦੀ ਸਥਾਪਨਾ ਨਾਲ ਜੁੜਿਆ ਕਿੱਸਾ ਵੀ ਸ਼ਾਮਲ ਹੈ।