ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਅਤੇ ਵਿਜੈਵਾੜਾ ਵਿੱਚ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲਾਂ ਅਤੇ ਕਾਲਜਾਂ ਦੀਆਂ ਫੀਸਾਂ ਲਈ 43,03,000 ਹਜ਼ਾਰ ਦੀ ਰਕਮ ਅਦਾ ਕੀਤੀ ਹੈ। ਇਹ ਸਹਾਇਤਾ ਰਕਮ ਸ਼੍ੋਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿੱਚ ਅਦਾਰਿਆਂ ਨੂੰ ਸੌਂਪੀ।
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਨੇ ਵਿੱਦਿਅਕ ਸਾਲ 2024-25 ਅਤੇ 2025-26 ਦੀਆਂ ਫੀਸਾਂ ਭੇਜੀਆਂ ਹਨ।
ਸ਼੍ੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿੱਖਿਅਤ ਕਰਨਾ ਹੈ। ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਉੱਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਅਦਾਰਿਆਂ ਨੂੰ ਸੌਂਪੀਆਂ ਗਈਆਂ ਹਨ। ਕਮੇਟੀ ਵੱਲੋਂ ਸਾਲ ਭਰ ਦੀਆਂ ਫੀਸਾਂ ਇੱਕੋ ਸਮੇਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਦਿਲਸ਼ਾਹ ਸਿੰਘ ਆਨੰਦ, ਸੁਪਰਵਾਈਜ਼ਰ ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਚੰਚਲਦੀਪ ਸਿੰਘ ਸ਼ਾਮਲ ਹਨ।

