ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਫਰਵਰੀ
ਕਰਨਾਟਕ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਸਜਾ ਕੇ ਵਿਦਿਅਕ ਅਦਾਰੇ ਵਿੱਚ ਆਉਣ ਤੋਂ ਰੋਕਣ ਦੀ ਘਟਨਾ ਮਗਰੋਂ ਹੁਣ ਮੰਗਲੂਰੂ ਵਿੱਚ ਇੱਕ ਸਕੂਲ ਨੇ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਸਜਾਉਣ ਕਰਕੇ ਦਾਖਲਾ ਦੇਣ ਤੋਂ ਨਾਂਹ ਕੀਤੀ ਗਈ ਹੈ। ਕਰਨਾਟਕ ਵਿੱਚ ਸਿੱਖ ਵਿਦਿਆਰਥੀਆਂ ਨਾਲ ਹੋ ਰਹੇ ਇਸ ਵਿਤਕਰੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਸਬੰਧ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਗੱਲਬਾਤ ਕਰਨ ਲਈ ਚਾਰਾਜ਼ੋਈ ਸ਼ੁਰੂ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸੰਵਿਧਾਨ ਹਰ ਇਕ ਨੂੰ ਧਾਰਮਿਕ ਆਜ਼ਾਦੀ ਦਾ ਹੱਕ ਦਿੰਦਾ ਹੈ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦੇਣ ਤਾਂ ਜੋ ਇਸ ਮਸਲੇ ’ਤੇ ਵਿਚਾਰ-ਚਰਚਾ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਸੂਬੇ ਅੰਦਰ ਸਿੱਖਾਂ ਵਿਰੁੱਧ ਹੋ ਰਹੀਆਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ।
ਦਿੱਲੀ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਨਿਖੇਧੀ
ਸ਼੍ਰੋਮਣੀ ਕਮੇਟੀ ਨੇ ਦਿੱਲੀ ਵਿੱਚ ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਵਿੱਚ ਸਕੂਲ ਨਾ ਆਉਣ ਦੀ ਕੀਤੀ ਗਈ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਆਪਣੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਮਤਭੇਦ ਤੇ ਅਸਮਾਨਤਾ ਦੇ ਨਾਂ ਹੇਠ ਧਾਰਮਿਕ ਸਰੋਕਾਰਾਂ ਅਤੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।