ਬੇਅਦਬੀ ਰੋਕੂ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ਦਾ SGPC ਵੱਲੋਂ ਸਵਾਗਤ
ਬਾਬਾ ਬਲਬੀਰ ਸਿੰਘ ਨੇ ਕਾਨੂੰਨ ਬਣਾਉਣ ਲਈ ਸਰਕਾਰ ਦੀ ਸ਼ਲਾਘਾ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਬਿੱਲ ’ਤੇ ਰਾਜਪਾਲ ਦੀ ਮੋਹਰ ਲੱਗਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਕੌਮੀ ਭਾਵਨਾਵਾਂ ਦੀ ਰਾਖੀ ਲਈ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ ਪਰ ਇਸ ਤੋਂ ਵੀ ਵੱਧ ਜ਼ਰੂਰੀ ਬੇਅਦਬੀ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਬੇਪਰਦ ਕਰਨਾ ਹੈ ਤਾਂ ਜੋ ਇਹ ਵਰਤਾਰਾ ਜੜ੍ਹ ਤੋਂ ਮਿਟਾਇਆ ਜਾ ਸਕੇ।
ਇਸੇ ਤਰ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਰੋਕੂ ਕਾਨੂੰਨ ਪਾਸ ਹੋਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਤੇ ਵਿਰੋਧੀ ਧਿਰਾਂ ਦੇ ਸਹਿਯੋਗ ਨਾਲ ਬਣਿਆ ਇਹ ਕਾਨੂੰਨ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਉਮੀਦ ਜਤਾਈ ਕਿ ਸਖ਼ਤ ਸਜ਼ਾ ਅਤੇ ਭਾਰੀ ਜੁਰਮਾਨੇ ਦੇ ਡਰ ਨਾਲ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਵੇਗੀ।
ਪੀਰਮੁਹੰਮਦ ਨੇ ਵੀ ਸਵਾਗਤ ਕੀਤਾ
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਨੂੰ ਰਾਜਪਾਲ ਦੀ ਮਿਲੀ ਪ੍ਰਵਾਨਗੀ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਸੰਗਤ ਦੀਆਂ ਮੰਗਾਂ ਅਤੇ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ।

