ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਸਤੰਬਰ
ਬੰਦੀ ਛੋੜ ਦਿਵਸ ਸਬੰਧੀ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਤੋਂ ਪੈਦਲ ਸ਼ਬਦ ਚੌਕੀ ਯਾਤਰਾ ਆਰੰਭ ਹੋਈ ਹੈ, ਜੋ ਅਠਾਈ ਦਿਨਾਂ ਵਿੱਚ ਗਵਾਲੀਅਰ ਪੁੱਜੇਗੀ।
ਬੰਦੀ ਛੋੜ ਦਿਵਸ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਯਾਦ ਨਾਲ ਜੁੜਿਆ ਹੋਇਆ ਹੈ, ਜਿਸ ਸਬੰਧੀ ਇਸ ਵਾਰ 400 ਸੌ ਸਾਲਾ ਦਿਵਸ ਮਨਾਇਆ ਜਾ ਰਿਹਾ ਹੈ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਗਵਾਲੀਅਰ ਸਥਿਤ ਗੁਰਦੁਆਰਾ ਦਾਤਾ ਬੰਦੀ ਛੋੜ ਵਿਖੇ ਸ਼ਤਾਬਦੀ ਸਮਾਗਮ ਮਨਾਏ ਜਾ ਰਹੇ ਹਨ, ਜਿਸ ਤਹਿਤ ਇਹ ਪੈਦਲ ਸ਼ਬਦ ਚੌਕੀ ਯਾਤਰਾ ਆਰੰਭ ਹੋਈ ਹੈ। ਅੱਜ ਸਵੇਰੇ ਇੱਥੇ ਸ੍ਰੀ ਅਕਾਲ ਤਖ਼ਤ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਜਿਸ ਮਗਰੋਂ ਪੰਥਕ ਰਵਾਇਤਾਂ ਅਨੁਸਾਰ ਅਰਦਾਸ ਕਰਕੇ ਇਸ ਪੈਦਲ ਸ਼ਬਦ ਚੌਕੀ ਯਾਤਰਾ ਨੂੰ ਗਵਾਲੀਅਰ ਲਈ ਰਵਾਨਾ ਕੀਤਾ ਗਿਆ। ਲਗਪਗ 850 ਕਿਲੋਮੀਟਰ ਲੰਬੀ ਇਸ ਪੈਦਲ ਯਾਤਰਾ ਵਾਸਤੇ 120 ਸ਼ਰਧਾਲੂ ਜਥੇ ਵਿੱਚ ਸ਼ਾਮਲ ਹਨ, ਜੋ 28 ਦਿਨਾਂ ਵਿੱਚ ਇਸ ਯਾਤਰਾ ਨੂੰ ਮੁਕੰਮਲ ਕਰਨਗੇ। ਇਸ ਪੈਦਲ ਯਾਤਰਾ ਦੌਰਾਨ ਸ਼ਰਧਾਲੂ ਰੋਜ਼ਾਨਾ 35 ਤੋਂ 40 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੇ ਅਤੇ ਰਾਤ ਠਹਿਰਾਅ ਮਗਰੋਂ ਅਗਲੇ ਦਿਨ ਮੁੜ ਯਾਤਰਾ ਆਰੰਭ ਕਰਨਗੇ।
ਬੀਬੀ ਜਗੀਰ ਕੌਰ ਨੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਨੇ 1604 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਲਈ ਪ੍ਰੇਰਦੀ ਹੈ ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵਾਂਗ 7 ਸਤੰਬਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜੇਗਾ। ਇਸ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿੱਚ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।