ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਆਰਥਿਕ ਤੌਰ ’ਤੇ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਮਾਲੀ ਸਹਾਇਤਾ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਸ਼ੁਰੂ ਕੀਤਾ ਹੈ।
ਇਸ ਫੰਡ ਵਿੱਚ ਵਿਕਰਮਜੀਤ ਸਿੰਘ ਸਾਹਨੀ ਜੋ ਕਿ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਅਤੇ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਹਰ ਸਾਲ 50 ਲੱਖ ਰੁਪਏ ਦਾ ਯੋਗਦਾਨ ਦੇਣਗੇ। ਆਰਥਿਕ ਤੌਰ ’ਤੇ ਕਮਜ਼ੋਰ ਪੰਜਾਬ ਦੇ ਹੋਣਹਾਰ ਵਿਦਿਆਰਥੀ, ਜਿਹੜੇ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਹੋਣਗੇ, ਨੂੰ ਇਸ ਫੰਡ ’ਚੋਂ ਰਕਮ ਦਿੱਤੀ ਜਾਵੇਗੀ। ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇੱਕ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ। ਇਹ ਕਮੇਟੀ ਯੋਗ ਤੇ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰ ਕੇ ਮਾਲੀ ਸਹਾਇਤਾ ਦੇਣ ਦਾ ਫ਼ੈਸਲਾ ਕਰੇਗੀ।
ਇਸ ਮੌਕੇ ਸ੍ਰੀ ਸਾਹਨੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਮੁੱਚੇ ਪੰਜਾਬ ਵਿੱਚ ਮੁਫ਼ਤ ਕਿੱਤਾ ਮੁਖੀ ਹੁਨਰ ਪ੍ਰਧਾਨ ਕੀਤਾ ਜਾਵੇਗਾ। ਉਨ੍ਹਾਂ ਦੀ ਐਨਜੀਓ ਸੰਨ ਫਾਊਂਡੇਸ਼ਨ ਵੱਲੋਂ ਪੰਜਾਬ ਸਰਕਾਰ ਦੀ ਸਾਂਝੇਦਾਰੀ ਨਾਲ ਅਜਿਹੇ ਪੰਜ ਵਿਸ਼ਵ ਹੁਨਰ ਸੈਂਟਰ ਕਾਇਮ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਐਨਐਸਡੀਸੀ ਨਾਲ ਮਿਲ ਕੇ ਸਕਿੱਲ ਸੈਂਟਰ ਪਹਿਲਾਂ ਹੀ ਚੱਲ ਰਿਹਾ ਹੈ ਜਿੱਥੇ ਇੱਕ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।