ਖੇਤਰੀ ਪ੍ਰਤੀਨਿਧ
ਬਰਨਾਲਾ, 26 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਲੋਕ ਅੰਦੋਲਨਾਂ ਤੇ ਸੰਘਰਸ਼ਾਂ ਦੀ ਹਮੇਸ਼ਾ ਮਾਰਗਦਰਸ਼ਕ ਤੇ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ 28 ਸਤੰਬਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ‘ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ’ ਕਰਕੇ ਸ਼ਹੀਦ ਦਾ 115ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।