ਸ਼ਹੀਦੀ ਨਗਰ ਕੀਰਤਨ ਹੰਢਿਆਇਆ ਤੋਂ ਰਵਾਨਾ
ਕੁਲਦੀਪ ਸੂਦ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਢਿਆਇਆ ਤੋਂ ਆਪਣੇ ਅਗਲੇ ਪੜਾਅ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰੇ ਵਿਖੇ ਸਜੇ ਧਾਰਮਿਕ ਦੀਵਾਨ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ ਢਾਈ ਮਹੀਨਿਆਂ ਤੋਂ ਆਰੰਭ ਹੋਏ ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਸੰਗਤਾਂ ਦੀ ਸ਼ਰਧਾ ਦਿਨੋਂ-ਦਿਨ ਵੱਧ ਰਹੀ ਹੈ। ਦੇਸ਼ ਦੇ 23 ਸੂਬਿਆਂ ਅੰਦਰ ਨਗਰ ਕੀਰਤਨ ਵਿੱਚ ਸਿੱਖਾਂ ਦੇ ਨਾਲ-ਨਾਲ ਦੂਜੇ ਧਰਮਾਂ ਦੇ ਵੱਡੀ ਗਿਣਤੀ ਲੋਕਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅਕੀਦਤ ਭੇਟ ਕੀਤੀ। ਉਨ੍ਹਾਂ ਸੰਗਤਾਂ ਨੂੰ 21 ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ, ਜਥੇਦਾਰ ਬਲਦੇਵ ਸਿੰਘ ਚੁੰਘਾਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਰਬਾਰਾ ਸਿੰਘ ਗੁਰੂ, ਅਕਾਲੀ ਦਲ ਬਰਨਾਲਾ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਨਾਥ ਸਿੰਘ ਹਮੀਦੀ, ਜਥੇਦਾਰ ਜਰਨੈਲ ਸਿੰਘ ਭੋਤਨਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਇੰਚਾਰਜ ਬਲਜੀਤ ਸਿੰਘ, ਮੀਤ ਮੈਨੇਜਰ ਕੁਲਵੰਤ ਸਿੰਘ, ਇੰਚਾਰਜ ਭੋਲਾ ਸਿੰਘ ਤੇ ਅਮਰੀਕ ਸਿੰਘ ਹਾਜ਼ਰ ਸਨ।
