ਜਗਤਾਰ ਸਿੰਘ ਲਾਂਬਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਅੱਜ ਅਲਵਰ (ਰਾਜਸਥਾਨ) ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼, ਦਿੱਲੀ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰੇ ਵਿੱਚ ਧਾਰਮਿਕ ਦੀਵਾਨ ’ਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰੇ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਬੱਗਾ ਤੇ ਸਲੋਕ ਸਿੰਘ ਨੇ ਪੰਜ ਪਿਆਰਿਆਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਸਣੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਦਿੱਤੇ। ਇਸ ਦੌਰਾਨ ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਸ਼ਰਧਾ ਨਾਲ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਰਾਜਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ, ਸੁਪਰਵਾਈਜ਼ਰ ਦਰਸ਼ਨ ਸਿੰਘ, ਭੁਪਿੰਦਰ ਸਿੰਘ, ਮੋਹਨਦੀਪ ਸਿੰਘ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।