ਸ਼ਹੀਦੀ ਨਗਰ ਕੀਰਤਨ ਡੇਰਾ ਬਾਬਾ ਨਾਨਕ ਲਈ ਰਵਾਨਾ
ਰਵਾਨਗੀ ਮੌਕੇ ਜੈਕਾਰੇ ਗੂੰਜੇ; ਧਾਮੀ ਨੇ ਕੇਂਦਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ
ਮਨਮੋਹਨ ਸਿੰਘ ਢਿੱਲੋਂ
ਨੌਵੇਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਹਰਿਮੰਦਰ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ (ਗੁਰਦਾਸਪੁਰ) ਲਈ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ।
ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਚ ਅਰਦਾਸ ਕੀਤੀ ਗਈ ਅਤੇ ਨਗਾਰਿਆਂ ਦੀ ਗੂੰਜ ਵਿੱਚ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਦਾ ਜਿੱਥੇ ਸਿੱਖ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਹੋਰ ਧਰਮਾਂ ਦੇ ਲੋਕਾਂ ਨੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸ਼ਤਾਬਦੀ ਮੌਕੇ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਹ ਗੁਰੂ ਸਾਹਿਬ ਪ੍ਰਤੀ ਸੱਚਾ ਸਤਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਗੁਜ਼ਾਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਹੋਰ ਕੈਦ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਸਰਕਾਰ ਇਸ ਇਤਿਹਾਸਕ ਮੌਕੇ ’ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ੈਸਲਾ ਕਰੇ। ਸ੍ਰੀ ਹਰਿਮੰਦਰ ਸਾਹਿਬ ਤੋਂ ਰਵਾਨਗੀ ਮੌਕੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਫੁੱਲਾਂ ਦੀ ਵਰਖਾ ਅਤੇ ਲੰਗਰਾਂ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਘੰਟਾ ਘਰ ਪਲਾਜ਼ਾ ਵਿੱਚ ਪੁਲੀਸ ਨੇ ਗਾਰਡ ਆਫ ਆਨਰ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਨਾਹਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ।

