ਮਨਮੋਹਨ ਸਿੰਘ ਢਿੱਲੋਂ
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ।
ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਵਿੱਚ ਧਾਰਮਿਕ ਦੀਵਾਨ ਦੌਰਾਨ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿੱਚ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਨੂੰ ਸਿਰੋਪੇ ਦਿੱਤੇ। ਰਸਤੇ ਵਿੱਚ ਵੱਖ ਵੱਖ ਪੜਾਵਾਂ ਉੱਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਪ੍ਰਿਤਪਾਲ ਸਿੰਘ ਪਾਲੀ, ਹਰਪਾਲ ਸਿੰਘ ਜੱਲ੍ਹਾ, ਰਘਬੀਰ ਸਿੰਘ ਸਹਾਰਨਮਾਜਰਾ, ਬਲਵਿੰਦਰ ਸਿੰਘ ਬੈਂਸ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਇੰਚਾਰਜ ਹਰਜਿੰਦਰ ਸਿੰਘ, ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਲਾਲ ਸਿੰਘ, ਸੁਖਰਾਜ ਸਿੰਘ ਤੇ ਗੁਰਮੀਤ ਸਿੰਘ, ਰਣਜੀਤ ਸਿੰਘ, ਸ਼ਰਨਜੀਤ ਸਿੰਘ ਤੇ ਮਲਕੀਤ ਸਿੰਘ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

