ਸ਼ਹੀਦੀ ਨਗਰ ਕੀਰਤਨ ਅਹਿਮਦਾਬਾਦ ਤੋਂ ਇੰਦੌਰ ਰਵਾਨਾ
ਗੁਰੂ ਤੇਗ ਬਹਾਦਰ ਤੇ ਉਨ੍ਹਾਂ ਦੇ ਸਾਥੀ ਸਿੱਖਾਂ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਅਹਿਮਦਾਬਾਦ ਤੋਂ ਆਪਣੇ ਅਗਲੇ ਪੜਾਅ ਇੰਦੌਰ ਲਈ ਰਵਾਨਾ ਹੋ ਗਿਆ ਹੈ। ਇਹ ਨਗਰ ਕੀਰਤਨ ਹੁਣ ਤੱਕ ਕਈ ਸੂਬਿਆ ’ਚੋਂ ਲੰਘ ਚੁੱਕਾ ਹੈ ਅਤੇ ਹਰ ਸ਼ਹਿਰ ਤੇ ਨਗਰ ਵਿੱਚ ਸੰਗਤ ਨੇ ਇਸ ਦਾ ਭਰਵਾਂ ਸਵਾਗਤ ਕੀਤਾ ਹੈ।
ਅੱਜ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਅਹਿਮਦਾਬਾਦ ਵਿਚਲੇ ਗੁਰਦੁਆਰੇ ਵਿੱਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਮਗਰੋਂ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਨੌਵੇਂ ਗੁਰੂ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ’ਤੇ ਚਾਨਣਾ ਪਾਇਆ ਤੇ ਸੰਗਤ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ, ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਪੂਰੀ ਸ਼ਰਧਾ ਨਾਲ ਇਸ ਦਾ ਸਵਾਗਤ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਸਿੱਖ ਫੈਡਰੇਸ਼ਨ ਗੁਜਰਾਤ ਅਹਿਮਦਾਬਾਦ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਤੇ ਹੋਰ ਹਾਜ਼ਰ ਸਨ।