ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਬੋਰੀਵਲੀ ਮੁੰਬਈ ਤੋਂ ਆਪਣੇ ਅਗਲੇ ਪੜਾਅ ਸੂਰਤ, ਗੁਜਰਾਤ ਲਈ ਰਵਾਨਾ ਹੋਇਆ। ਰਸਤੇ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਰਸਤੇ ਵਿੱਚ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਸੀ ਤੇ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿੱਚ ਵੇਸਾਈ ਤੋਂ ਵਿਧਾਇਕ ਸੁਨੇਹਾ ਦੂਬੇ ਪੰਡਿਤ ਸਮੇਤ ਸਥਾਨਕ ਆਗੂਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਹਲਕਾ ਬੋਰੀਵਲੀ ਦੇ ਵਿਧਾਇਕ ਸੰਜੈ ਉਪਾਧਿਆਏ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਨੂੰ ਪੂਰਾ ਦੇਸ਼ ਨਮਨ ਕਰ ਰਿਹਾ ਹੈ। ਉਨ੍ਹਾਂ ਨੌਵੇਂ ਗੁਰੂ ਦੀ ਸ਼ਹਾਦਤ ਦੇ ਇਤਿਹਾਸ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ 51 ਹਜ਼ਾਰ ਅਤੇ ਹਲਕਾ ਵਿਧਾਇਕ ਸੰਜੈ ਉਪਾਧਿਆਏ ਵੱਲੋਂ 21 ਹਜ਼ਾਰ ਰੁਪਏ ਸੇਵਾ ਦਾ ਚੈੱਕ ਵੀ ਭੇਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਗੁਰਦਿਆਲ ਸਿੰਘ, ਰਾਮ ਸਿੰਘ ਮੁੰਬਈ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਰਿੰਦਰ ਸਿੰਘ ਮੋਖਾ, ਮੋਹਨ ਸਿੰਘ ਬੇਦੀ, ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸਨ।