ਗੁਰਸੇਵਕ ਸਿੰਘ ਪ੍ਰੀਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਬੀਤੀ ਸ਼ਾਮ ਇੱਥੇ ਪੁੱਜਿਆ। ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਆਪਣੇ ਅਗਲੇ ਪੜਾਅ ਗੁਰਦੁਆਰਾ ਖਾਲਸਾ ਦੀਵਾਨ ਫ਼ਰੀਦਕੋਟ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿੱਚ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਰਾਜਨੀਤਕ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਦੌਰਾਨ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਾਏ ਗਏ।

