ਸ਼ਹੀਦੀ ਨਗਰ ਕੀਰਤਨ ਹਰਿਮੰਦਰ ਸਾਹਿਬ ਪੁੱਜਾ
ਮਨਮੋਹਨ ਸਿੰਘ ਢਿੱਲੋਂ
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਸੰਗਤ ਨੇ ਨਗਰ ਕੀਰਤਨ ਦਾ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ।
ਨਗਰ ਕੀਰਤਨ ਦੇ ਇੱਥੇ ਪੁੱਜਣ ਤੋਂ ਪਹਿਲਾਂ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਛੇਹਰਟਾ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਤੇ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨ ਦਿੱਤਾ। ਛੇਹਰਟਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਰਸਤੇ ਵਿੱਚ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪ੍ਰੀਤ ਸਿੰਘ ਝੱਬਰ, ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਕਿਰਨਜੋਤ ਕੌਰ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਘੇੜਾ, ਸਵਿੰਦਰ ਸਿੰਘ ਕੋਟ ਖਾਲਸਾ, ਬੀਬੀ ਕੁਲਬੀਰ ਕੌਰ, ਸਾਬਕਾ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
