ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਪੁੱਜਿਆ
ਜਗਤਾਰ ਸਿੰਘ ਲਾਂਬਾ
ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਸਿੱਖ ਸੰਗਤ ਆਸਨਸੋਲ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ ਜਮਸ਼ੇਦਪੁਰ ਟਾਟਾ ਨਗਰ ਪੁੱਜ ਗਿਆ। ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ।
ਅੱਜ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਆਸਨਸੋਲ ਦੇ ਗੁਰਦੁਆਰੇ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ’ਤੇ ਝਾਤ ਪਾਈ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਸਿੱਖ ਸੰਗਤ ਆਸਨਸੋਲ ਤੋਂ ਆਰੰਭ ਹੋ ਕੇ ਕੁਮਾਡੁਬੀ, ਬਰਾਕਰ, ਨਿਰਸਾ, ਧਨਬਾਦ, ਬੋਕਾਰੋ, ਚਾਂਡਿਲ ਤੋਂ ਹੁੰਦਾ ਹੋਇਆ ਜਮਸ਼ੇਦਪੁਰ ਟਾਟਾ ਨਗਰ ਪੁੱਜਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ। ਸੰਗਤ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਅੱਜ ਰਾਤ ਜਮਸ਼ੇਦਪੁਰ ਟਾਟਾ ਨਗਰ ਰੁਕੇਗਾ ਤੇ 27 ਅਗਸਤ ਨੂੰ ਅਗਲੇ ਪੜਾਅ ਰਾਂਚੀ (ਝਾਰਖੰਡ) ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸਥਾਨਕ ਗੁਰਦੁਆਰੇ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਸਕੱਤਰ ਭਾਈ ਬਲਵਿੰਦਰ ਸਿੰਘ ਹਾਜ਼ਰ ਸਨ।