ਸ਼ਹੀਦੀ ਨਗਰ ਕੀਰਤਨ ਚੰਦਰਪੁਰ ਤੋਂ ਤਿਲੰਗਾਨਾ ਪੁੱਜਾ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਤੋਂ ਰਵਾਨਾ ਹੋ ਕੇ ਕਰੀਮ ਨਗਰ ਤਿਲੰਗਾਨਾ ਪੁੱਜ ਗਿਆ ਹੈ। ਇਸ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤ ਨੇ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਸੁੰਦਰ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰ ਕੇ ਸਤਿਕਾਰ ਭੇਟ ਕੀਤਾ। ਰਸਤੇ ਵਿੱਚ ਨਗਰ ਕੀਰਤਨ ’ਚ ਬੱਲਾਰਪੁਰ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਸੁਭਾਸ਼ ਚੰਦਰ ਰਾਓ ਢੋਟੇ ਅਤੇ ਅਰੁਣ ਢੋਟੇ ਵੱਲੋਂ ਵੀ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ।
ਪਿੰਡ ਗੜ੍ਹਚੰਦੂਰ ਵਿੱਚ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋ ਪਹਿਲਾਂ ਅੱਜ ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।