ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਉਦਘਾਟਨ
ਗੁਰੂ ਨਾਨਕ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਸੌਗਾਤ
ਐਨ ਪੀ ਧਵਨ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3394.49 ਕਰੋੜ ਰੁਪਏ ਵਾਲੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਪ੍ਰਾਜੈਕਟ ਨਾਲ ਸੂਬੇ ਵਿੱਚ ਬਿਜਲੀ ਉਤਪਾਦਨ ਅਤੇ ਸਿੰਜਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ। ਉਨ੍ਹਾਂ ਨੇ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਇਸ ਪ੍ਰਾਜੈਕਟ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ ਮੌਕੇ ਵੀ ਮਿਲਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ ਅਤੇ ਇਸ ਨੂੰ ਸਿਰਫ਼ ‘ਟੋਕਨ ਮਨੀ’ ਕਿਹਾ ਸੀ ਪਰ ਹਾਲੇ ਤੱਕ ਉਹ ਟੋਕਨ ਵੀ ਨਹੀਂ ਪਹੁੰਚਿਆ। ਕੇਂਦਰ ਸਰਕਾਰ ਬੀ ਬੀ ਐੱਮ ਬੀ ਵਿੱਚ ਪੰਜਾਬ ਦਾ 60 ਫੀਸਦ ਹਿੱਸਾ ਹੋਣ ਦੇ ਬਾਵਜੂਦ ਹੁਣ ਹਿਮਾਚਲ, ਹਰਿਆਣਾ ਅਤੇ ਰਾਜਸਥਾਨ ਦੇ ਗੈਰ-ਰਿਪੇਰੀਅਨ ਮੈਂਬਰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ, ‘ਜਦੋਂ ਹੜ੍ਹਾਂ ਵੇਲੇ ਇਨ੍ਹਾਂ ਰਾਜਾਂ ਨੂੰ ਪਾਣੀ ਨਹੀਂ ਚਾਹੀਦਾ ਹੁੰਦਾ ਅਤੇ ਝੋਨੇ ਵੇਲੇ ਉਹ ਹਾਈ ਕੋਰਟ ਤੇ ਸੁਪਰੀਮ ਕੋਰਟ ਤੱਕ ਚਲੇ ਜਾਂਦੇ ਹਨ, ਤਾਂ ਕੀ ਪੰਜਾਬ ਨੂੰ ਸਿਰਫ਼ ਡੁੱਬਣ ਲਈ ਹੀ ਰੱਖਿਆ ਹੋਇਆ ਹੈ?’ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੀ ਕੀਮਤ 3394.49 ਕਰੋੜ ਰੁਪਏ ਹੈ। ਇਸ ’ਚੋਂ 2694.02 ਕਰੋੜ ਰੁਪਏ (ਲਗਪਗ 80 ਫੀਸਦੀ) ਪੰਜਾਬ ਵੱਲੋਂ ਖਰਚੇ ਜਾ ਰਹੇ ਹਨ, ਜਦਕਿ ਬਾਕੀ 700.45 ਕਰੋੜ ਰੁਪਏ (20 ਫੀਸਦੀ) ਦੀ ਸਹਾਇਤਾ ਭਾਰਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ 5000 ਹੈਕਟੇਅਰ (12,500 ਏਕੜ) ਜ਼ਮੀਨ ਨੂੰ ਸਿੰਜਾਈ ਲਈ ਪਾਣੀ ਮਿਲੇਗਾ। 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਬਿਜਲੀ ਘਰ ਬਣਾਏ ਜਾ ਰਹੇ ਹਨ। ਇਹ ਪ੍ਰਾਜੈਕਟ ਮਾਰਚ 2026 ਤੱਕ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਸ਼ਾਹਪੁਰਕੰਡੀ ਡੈਮ, ਰਣਜੀਤ ਸਾਗਰ ਡੈਮ ਅਤੇ ਚਮਰੋੜ ਨੂੰ ਵਿਸ਼ਵ ਪੱਧਰੀ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ, ਮੁੱਖ ਸਕੱਤਰ ਕੇ ਏ ਪੀ ਸਿਨਹਾ, ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।
ਵੱਸ ਚੱਲੇ ਤਾਂ ਭਾਜਪਾ ਰਾਸ਼ਟਰੀ ਗੀਤ ’ਚੋਂ ਵੀ ਪੰਜਾਬ ਦਾ ਨਾਂ ਕੱਢ ਦੇਵੇ: ਮਾਨ
ਮੁੱਖ ਮੰਤਰੀ ਨੇ ਭਾਜਪਾ ’ਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੀ ਬੀ ਆਈ, ਈ ਡੀ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਇਹ ਤਾਂ ਦੇਸ਼ ਦੇ ਸੰਵਿਧਾਨ ਨੂੰ ਵੀ ਬਦਲਣਾ ਚਾਹੁੰਦੇ ਹਨ। ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ’ਚੋਂ ਹੀ ਪੰਜਾਬ ਦਾ ਨਾਂ ਕੱਢ ਦੇਣ।’ ਉਨ੍ਹਾਂ ਨੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰੋਕਣ ਦੀ ਕੋਸ਼ਿਸ਼ ਅਤੇ ਗੈਰ-ਭਾਜਪਾ ਸ਼ਾਸਿਤ ਰਾਜਾਂ ਵਿੱਚ ਰਾਜਪਾਲਾਂ ਦੀ ਦਖਲਅੰਦਾਜ਼ੀ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਐਕਟ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਰੱਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਪਾਣੀ ਅਤੇ ਯੂਨੀਵਰਸਿਟੀ ਦੇ ਮੁੱਦਿਆਂ ’ਤੇ ਮਾਹਿਰ ਵਕੀਲਾਂ ਦਾ ਪੈਨਲ ਬਣਾ ਕੇ ਸੁਪਰੀਮ ਕੋਰਟ ਤੱਕ ਲੜਾਈ ਲੜੀ ਜਾਵੇਗੀ ਅਤੇ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ’ਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।

