ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਟਿਕਟਾਂ ਵੇਚਣ ਦੇ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਦੋਸ਼ ਕਿਸੇ ਬਾਹਰੀ ਵਿਅਕਤੀ ਨੇ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਆਗੂਆਂ ਨੇ ਲਾਏ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਸ਼ੇਖਾਵਤ ਨੇ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਹੁਣ ਇਸ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਬਾਰੇ ਦੇ ਫਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦੇ ਸਾਬਕਾ ਉਮੀਦਵਾਰ ਆਸ਼ੂ ਬੰਗੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਸਣੇ ਜਲੰਧਰ ਦੇ ‘ਆਪ’ ਆਗੂਆਂ ਨੇ ਰਾਘਵ ਚੱਢਾ ’ਤੇ ਟਿਕਟਾਂ ਬਦਲੇ ਪੈਸੇ ਲੈਣ ਦੇ ਦੋਸ਼ ਲਗਾਏ ਸਨ।