ਸ਼੍ਰੋਮਣੀ ਅਕਾਲੀ ਦਲ ਨੇ ਪੰਜ ਹਲਕਾ ਇੰਚਾਰਜ ਐਲਾਨੇ
ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਹੁਣੇ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਆਬਜ਼ਰਵਰ ਨਿਯੁਕਤ ਕੀਤੇ ਹਨ।
ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਦਾ ਇੰਚਾਰਜ ਸੁਰਜੀਤ ਸਿੰਘ ਗੜ੍ਹੀ ਅਤੇ ਘਨੌਰ ਦਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੂੰ ਲਾਇਆ ਹੈ। ਸਮਾਣਾ ਦਾ ਇੰਚਾਰਜ ਜਗਮੀਤ ਸਿੰਘ ਹਰਿਆਊ, ਜ਼ਿਲ੍ਹਾ ਸੰਗਰੂਰ ਦੇ ਧੂਰੀ ਦਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੂੰ ਲਾਇਆ ਗਿਆ ਹੈ।
ਵਿਧਾਨ ਸਭਾ ਹਲਕਾ ਸਨੌਰ ਵਿੱਚ ਪਾਰਟੀ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਾਜਿੰਦਰ ਸਿੰਘ ਵਿਰਕ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਸ਼ਾਮਲ ਹਨ।
ਪਾਰਟੀ ਨੇ ਅਗਾਮੀ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ ਐੱਨ ਕੇ ਸ਼ਰਮਾ ਨੂੰ ਪਟਿਆਲਾ ਅਤੇ ਮੁਹਾਲੀ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਕਮਲ ਚੇਤਲੀ ਨੂੰ ਨਵਾਂਸ਼ਹਿਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਹਲਕਾ ਦਾਖਾ ਦਾ ਆਬਜ਼ਰਵਰ ਲਾਇਆ ਹੈ। ਇਹ ਆਬਜ਼ਰਵਰ ਸਥਾਨਕ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨਗੇ ਅਤੇ ਸੂਚੀ ਪਾਰਟੀ ਦਫ਼ਤਰ ਭੇਜਣਗੇ। ਇਸ ਤੋਂ ਬਾਅਦ ਹਾਈਕਮਾਨ ਵੱਲੋਂ ਆਖਰੀ ਫੈਸਲਾ ਲਿਆ ਜਾਵੇਗਾ।
