ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ
ਆਤਿਸ਼ ਗੁਪਤਾ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਹੜ੍ਹਾਂ ਕਰ ਕੇ ਵਿਗੜੇ ਹਾਲਾਤ ਤਹਿਤ ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਠ ਸਤੰਬਰ ਨੂੰ ਦੁਪਹਿਰੇ ਦੋ ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਦੌਰਾਨ ਸੂਬੇ ਵਿੱਚ ਹੜ੍ਹਾਂ ਦੇ ਮੌਜੂਦਾ ਹਾਲਾਤ ਅਤੇ ਹੜ੍ਹਾਂ ਕਰ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ। ਇਹ ਗੱਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਖੀ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਐਮਰਜੈਂਸੀ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਪਹੁੰਚੇ ਨੁਕਸਾਨ ਬਾਰੇ ਫੀਡਬੈਕ ਲਈ ਜਾਵੇਗੀ। ਇਸ ਸੰਕਟ ਦੀ ਘੜੀ ਵਿੱਚ ਪੀੜਤ ਲੋਕਾਂ ਦੀ ਸਹਾਇਤਾ ਲਈ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜ਼ਮੀਨੀ ਪੱਧਰ ’ਤੇ ਪਹਿਲੇ ਦਿਨ ਤੋਂ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਹਾਲਾਤ ਬਹੁਤ ਮਾੜੇ ਹਨ ਅਤੇ ਹੜ੍ਹਾਂ ਦੇ ਖਤਮ ਹੋਣ ਤੋਂ ਬਾਅਦ ਲੋਕਾਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਇਸੇ ਨੂੰ ਮੁੱਖ ਰੱਖਦਿਆਂ ਪਾਰਟੀ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਪ੍ਰਾਪਤ ਕਰੇਗੀ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਪਾਰਟੀ ਹੜ੍ਹ ਪੀੜਤਾਂ ਦੀ ਮਦਦ ਕਰਨ ਵਿੱਚ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰੇਗੀ।