ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 16 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਮੌਨਸੂਨ ਇਜਲਾਸ ਦੌਰਾਨ ਸੰਸਦ ਵਿੱਚ ਪੇਸ਼ ਖੇਤੀ ਨਾਲ ਸਬੰਧਤ ਤਿੰਨ ਬਿਲਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧ ਵਿੱਚ ਪਾਰਟੀ ਨਾਲ ਸਬੰਧਤ ਸੰਸਦ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਵੱਲੋਂ ਪੇਸ਼ ਬਿੱਲ ਤਿੰਨ ਆਰਡੀਨੈਂਸਾਂ ਦੀ ਥਾਂ ਲੈਣਗੇ। ਰਾਜ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਨਰੇਸ਼ ਗੁਜਰਾਲ ਨੇ ਅੱਜ ਇਸ ਸਬੰਧੀ ਨੋਟਿਸ ਜਾਰੀ ਕੀਤਾ। ਸ਼ੋ੍ਮਣੀ ਅਕਾਲੀ ਦਲ ਦੇ ਉਪਰਲੇ ਸਦਨ ਵਿੱਚ ਗੁਜਰਾਲ ਸਮੇਤ ਤਿੰਨ ਸੰਸਦ ਮੈਂਬਰ ਹਨ। ਦੋ ਹੋਰਨਾਂ ਮੈਂਬਰਾਂ ਵਿੱਚ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀ ਐੱਨਡੀਏ ਸਰਕਾਰ ਵਿੱਚ ਭਾਜਪਾ ਦਾ ਭਾਈਵਾਲ ਹੈ। ਉਂਜ ਇਹ ਵੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਬਿਲਾਂ ’ਤੇ ਵੋਟਿੰਗ ਦੀ ਮੰਗ ਕੀਤੇ ਜਾਣ ਮੌਕੇ ਸ਼੍ਰੋਮਣੀ ਅਕਾਲੀ ਕੀ ਰੁਖ਼ ਅਖ਼ਤਿਆਰ ਕਰਦਾ ਹੈ।