ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਅਗਸਤ
ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਅਧੀਨ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਨੂੰ ਹਥਿਆਉਣ ਦਾ ਯਤਨ ਕਰਨ ਵਾਲੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੂੰ ਸਨਮਾਨਿਤ ਕਰਕੇ ਬੱਜਰ ਗ਼ਲਤੀ ਕੀਤੀ ਹੈ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਹੁਣ ਪੰਜਾਬ ਪੱਖੀ ਸਾਰੇ ਮੁੱਦੇ ਛੱਡ ਚੁੱਕਿਆ ਹੈ। ਉਹ ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿਚ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ ਵੱਖ ਮਾਫ਼ੀਏ ਨੂੰ ਖ਼ਤਮ ਕਰਨ ਦੀ ਥਾਂ ਉਨ੍ਹਾਂ ਨੂੰ ਬਚਾ ਰਹੀ ਹੈ।
ਸ੍ਰੀ ਚੀਮਾ ਨੇ ਕਿਹਾ ਕਿ ਬੀਤੇ ਕੱਲ੍ਹ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਪੁੱਜੇ ਸਨ। ਉਨ੍ਹਾਂ ਕਿਹਾ ਸੀ ਕਿ ਜੋ ਵੀ ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ਵਿਚ ਫੈਸਲਾ ਦਿੱਤਾ ਹੈ ਉਸ ’ਤੇ ਹੁਣ ਅਮਲ ਕਰਨ ਦਾ ਸਮਾਂ ਆ ਗਿਆ ਹੈ ਭਾਵ ਐਸਵਾਈਐਲ ਨੂੰ ਮੁੜ ਚਾਲੂ ਕਰਕੇ ਹਰਿਆਣਾ ਨੂੰ ਪਾਣੀ ਦਿੱਤਾ ਜਾਵੇ। ਸ੍ਰੀ ਚੀਮਾ ਨੇ ਕਿਹਾ ਕਿ ਇਹ ਬਿਆਨ ਪੰਜਾਬ ਵਿਰੋਧੀ ਹੈ ਕਿਉਂਕਿ ਪੰਜਾਬ ਵਿਚ ਪਾਣੀ ਦੀ ਇਕ ਵੀ ਬੂੰਦ ਵਾਧੂ ਨਹੀਂ ਹੈ, ਸਗੋਂ ਜ਼ਮੀਨੀ ਪਾਣੀ ਨਾ ਹੋਣ ਕਰਕੇ ਕਈ ਬਲਾਕ ‘ਡਾਰਕ ਜ਼ੋਨ’ ਵਿਚ ਚਲੇ ਗਏ ਹਨ। ਇਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਦੇ ਸਮਰੱਥ ਨਹੀਂ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੇ ਉਪ ਮੁੱਖ ਮੰਤਰੀ ਚੌਟਾਲਾ ਨੂੰ ਸਨਮਾਨਿਤ ਕਰ ਦਿੱਤਾ।