ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜੂਨ
ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਇਹ ਸਰਕਾਰ ਦੀ ਦੋਗਲੀ ਨੀਤੀ ਦਾ ਹਿੱਸਾ ਹੈ। ਇੱਕ ਪਾਸੇ ਸਰਕਾਰਾਂ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਉਨ੍ਹਾਂ ਨੂੰ ਜੇਲ੍ਹਾਂ ਤੋਂ ਰਿਹਾਅ ਨਹੀਂ ਕਰ ਰਹੀਆਂ ਪਰ ਦੂਜੇ ਪਾਸੇ ਵੱਖ-ਵੱਖ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਉਸ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਸਿਰਸਾ ਮੁਖੀ ’ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਸ੍ਰੀ ਧਾਮੀ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਡੇਰਾ ਮੁਖੀ ਨੂੰ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।