ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ‘ਆਪ’ ਸਰਕਾਰ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਨੇ ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਕੀਤੀ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਰੋਸਗੀ ਮਤਾ ਪੇਸ਼ ਕਰਕੇ ਸੂਬਾ ਸਰਕਾਰ ਪੰਜਾਬ ਵਾਸੀਆਂ ਦਾ ਧਿਆਨ ਭਖਦੇ ਮਸਲਿਆਂ ਤੋਂ ਪਾਸੇ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕਰਨ ਮਗਰੋਂ ਗ੍ਰਿਫ਼ਤਾਰੀਆਂ ਵੀ ਦਿੱਤੀਆਂ। ਉਨ੍ਹਾਂ ਇਸ ਮੌਕੇ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕਰਨ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ 117 ’ਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸ ਦਾ ਮਕਸਦ ਸਿਰਫ਼ ਸਿਆਸੀ ਲਾਹਾ ਲੈਣਾ ਹੈ। ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਸੂਬਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ।