ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਤਹਿ ਰੈਲੀ ਮੁਲਤਵੀ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਹੜ੍ਹਾਂ ਦੇ ਵਿਗੜੇ ਹੋਏ ਹਾਲਾਤ ਦੇ ਮੱਦੇਨਜ਼ਰ 31 ਅਗਸਤ ਨੂੰ ਮੋਗਾ ਵਿਚ ਕੀਤੀ ਜਾਣ ਵਾਲੀ ਫ਼ਤਹਿ ਰੈਲੀ ਮੁਲਤਵੀ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮਦਦ ਕਰਨ। ਉਨ੍ਹਾਂ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਮਦਦ ਲਈ ਡੀਜ਼ਲ, ਪਲਾਸਟਿਕ ਪਾਈਪਾਂ, ਟਰੈਕਟਰ, ਖਾਣੇ ਦੇ ਪੈਕਟ ਤੇ ਪਸ਼ੂਆਂ ਲਈ ਚਾਰਾ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚਦਾ ਕਰਨ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ।
ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਕਰਨ ਦੀ ਥਾਂ ਮੁੱਖ ਮੰਤਰੀ ਆਪਣੇ ਪਰਿਵਾਰ ਨਾਲ ਚੇਨੱਈ ਵਿਚ ਛੁੱਟੀਆਂ ਮਨਾ ਰਹੇ ਹਨ। ਉਨ੍ਹਾਂ ਨੇ ਇਸ ਕਾਰਵਾਈ ਨੂੰ ਸ਼ਰਮਨਾਕ ਤੇ ਅਫਸੋਸਜਨਕ ਕਰਾਰ ਦਿੰਦਿਆਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਅੰਤਰਿਮ ਰਾਹਤ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦਾ ਯਤਨ ਕਰ ਰਹੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁਸ਼ਕਲ ਭਰੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਹੈ, ਜਿਸ ਵੱਲੋਂ ਹਰ ਸਮੇਂ ਪੰਜਾਬ ਦੇ ਲੋਕਾਂ ਦੀ ਮਦਦ ਲਈ ਲੋੜੀਂਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ।