ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਆਗੂਆਂ ਦੀ ਮਦਦ ਨਾਲ ਦਿੱਤੇ ਗਏ ਇਸ ਧਰਨੇ ਦੌਰਾਨ ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਸਾਹਮਣੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਦਿੱਲੀ ਸਰਕਾਰ ਨੂੰ ਮੰਗ ਪੱਤਰ ਸੌਂਪ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ’ਤੇ ਹਸਤਾਖਰ ਕਰਨ ਦੀ ਵੀ ਮੰਗ ਕੀਤੀ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਉਸ ਵੇਲੇ ਰੋਸ ਪ੍ਰਦਰਸ਼ਨ ਕੀਤਾ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਭਵਨ ’ਚ ਦਾਖ਼ਲ ਹੋਣ ਲਈ ਜਾ ਰਹੇ ਸਨ।
ਜੰਤਰ-ਮੰਤਰ ’ਤੇ ਦਿੱਤੇ ਧਰਨੇ ’ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਹਾਲੇ ਵੀ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਠ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਵੇ। ਉਨ੍ਹਾਂ ਦਿੱਲੀ ਸਰਕਾਰ ਦੀ ਨਿੰਦਾ ਕੀਤੀ ਕਿ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਾਲੀ ਫਾਈਲ ਦਸਤਖ਼ਤਾਂ ਦੀ ਉਡੀਕ ’ਚ ਮੁੱਖ ਮੰਤਰੀ ਦੇ ਦਫ਼ਤਰ ’ਚ ਪਈ ਹੈ।
ਇਸ ਮੌਕੇ ਸ੍ਰੀ ਬਾਦਲ ਨੇ ਸਿਮਰਨਜੀਤ ਮਾਨ ਵੱਲੋਂ ਜਨਤਕ ਤੌਰ ’ਤੇ ਖਾਲਿਸਤਾਨ ਦੀ ਮੰਗ ਕਰਨ ਦਾ ਦਿਖਾਵਾ ਕਰਨ ਅਤੇ ਸਪੀਕਰ ਦੇ ਚੈਂਬਰ ਵਿੱਚ ਸੰਵਿਧਾਨ ਦੇ ਨਾਂ ’ਤੇ ਦੇਸ਼ ਦੀ ਏਕਤਾ ’ਤੇ ਆਖੰਡਤਾ ਦੀ ਸਹੁੰ ਚੁੁੱਕਣ ਦੀ ਵੀ ਨਿੰਦਾ ਕੀਤੀ। ਸਿਆਸੀ ਸ਼ਰੀਕ ਰਹੇ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਦੀ ਹਾਜ਼ਰੀ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਨੇ ਪੰਥਕ ਏਕੇ ਦੀ ਗੱਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਸਦਾ ਤੋਂ ਹੀ ਜ਼ਬਰ ਖ਼ਿਲਾਫ਼ ਲੜਦੇ ਆਏ ਹਨ।
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੰਸਦ ਸਾਹਮਣੇ ਬਾਦਲਾਂ ਦਾ ਧਰਨਾ ਡਰਾਮਾ ਕਰਾਰ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬਾਰੇ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਦਿੱਤਾ ਗਿਆ ਧਰਨਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਇਹ ਡਰਾਮਾ ਸਿਰਫ਼ ਬਾਦਲ ਪਰਿਵਾਰ ਨੂੰ ਮੁੜ ਪੈਰਾਂ-ਸਿਰ ਕਰਨ ਲਈ ਕੀਤਾ ਗਿਆ ਹੈ। ਸ੍ਰੀ ਕਾਲਕਾ ਤੇ ਸ੍ਰੀ ਕਾਹਲੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਨੌਂ ਤੇ ਫਿਰ 11 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਰਫ਼ ਦੋ ਮੀਟਿੰਗਾਂ ਹੋਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਕੱਲਿਆਂ ਧਰਨਾ ਦੇਣਾ ਤੇ ਸਿਰਫ ਆਪਣੇ ਸਹਿਯੋਗੀਆਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀਕੇ ਨੂੰ ਨਾਲ ਲੈਣਾ ਤੇ ਦਿੱਲੀ ਕਮੇਟੀ ਨੂੰ ਇਸ ਬਾਰੇ ਕੋਈ ਇਤਲਾਹ ਨਾ ਦੇਣਾ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ’ਤੇ ਦਿੱਲੀ ਕਮੇਟੀ ਦੇ ਲੀਗਲ ਸੈੱਲ ਤੇ ਸਮੁੱਚੀ ਟੀਮ ਨੇ ਬਹੁਤ ਡੂੰਘਾਈ ਨਾਲ ਕੰਮ ਕੀਤਾ ਹੈ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਸਿਰਫ਼ ਇੱਕ ਪਰਿਵਾਰ ਤੇ ਇਕ ਪਾਰਟੀ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਸਬੰਧੀ ਫ਼ੈਸਲਾ ਕਮੇਟੀ ਦੀ ਮੀਟਿੰਗ ਵਿੱਚ ਸਿਰਫ਼ ਇਸ ਲਈ ਨਹੀਂ ਲਿਆ ਗਿਆ ਕਿਉਂਕਿ ਅੱਜ ਦਾ ਧਰਨਾ ਸਿਰਫ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਬਚਾਉਣ ਲਈ ਕੀਤਾ ਗਿਆ ਡਰਾਮਾ ਸੀ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਕਮੇਟੀ ਨੂੰ ਨਾਲ ਲਿਆ ਜਾਂਦਾ ਤਾਂ ਇਸ ਧਰਨੇ ਵਿੱਚ ਦਿੱਲੀ ਦੀ ਸੰਗਤ ਨੇ ਵੀ ਵੱਧ ਚੜ੍ਹ ਕੇ ਸ਼ਾਮਲ ਹੋਣਾ ਸੀ।