ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਦੀ ਜ਼ੈੱਡ ਸੁਰੱਖਿਆ ਨਾ ਲੈਣ ਫ਼ੈਸਲੇ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਉਹ ਜਥੇਦਾਰਾਂ ਅਤੇ ਹੋਰ ਸਿੰਘ ਸਾਹਿਬਾਨਾਂ ਦੀ ਸੁਰੱਖਿਆ ਦਾ ਪ੍ਰਬੰਧ ਖ਼ੁਦ ਕਰਨ ਦੇ ਸਮਰੱਥ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਹ ਇੱਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਪੁੱਜੇ ਸਨ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿੱਦਿਅਕ ਅਦਾਰਿਆਂ ਵਿੱਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲਾਨਾ ਵਜ਼ੀਫਾ ਰਾਸ਼ੀ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸੂਬਿਆਂ ਵਿੱਚ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਸਕੂਲੀ ਫ਼ੀਸਾਂ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸ੍ਰੀ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾਈ ਤੇ ਕੇਂਦਰੀ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰਕੇ ਪੰਥਕ ਰਵਾਇਤਾਂ ਅਨੁਸਾਰ ਇਕ ਸਹੀ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਘੱਲੂਘਾਰਾ ਦਿਵਸ ਦੇ ਨਾਂ ਹੇਠ ਅੰਮ੍ਰਿਤਸਰ ਸ਼ਹਿਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰਨ ਦੀ ਵੀ ਨਿਖੇਧੀ ਕੀਤੀ। ਮੀਟਿੰਗ ਵਿੱਚ ਲਏ ਗਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰੂ ਘਰ ਪੁੱਜਦੀਆਂ ਅਹਿਮ ਸ਼ਖ਼ਸੀਅਤਾਂ ਨੂੰ ਦਰਬਾਰ ਦੀ ਥਾਂ ਪ੍ਰਬੰਧਕੀ ਦਫ਼ਤਰਾਂ ਵਿੱਚ ਸਨਮਾਨਿਆ ਜਾਵੇਗਾ ਤੇ ਸਨਮਾਨ ਦੌਰਾਨ ਸਿਰੋਪਾਓ ਦੇਣ ਤੋਂ ਸੰਕੋਚ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਬਣੀ ਸਾਂਝੀ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਭੇਜੇ ਪੱਤਰਾਂ ਦੀ ਰਸੀਦ ਤਾਂ ਮਿਲ ਗਈ ਹੈ ਪਰ ਪੱਤਰਾਂ ਦਾ ਜਵਾਬ ਹੁਣ ਤੱਕ ਨਹੀਂ ਮਿਲਿਆ। ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫ਼ੈਸਲਾ ਵੀ ਕੀਤਾ।
ਜ਼ੈੱਡ ਸੁਰੱਖਿਆ ਬਾਰੇ ਫ਼ੈਸਲਾ ਸਰਕਾਰੀ ਪੱਤਰ ਮਿਲਣ ਮਗਰੋਂ ਲਿਆ ਜਾਵੇਗਾ: ਜਥੇਦਾਰ
ਹੰਡਿਆਇਆ (ਪੱਤਰ ਪ੍ਰੇਰਕ): ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ੈੱਡ ਸੁਰੱਖਿਆ ਬਾਰੇ ਫ਼ੈਸਲਾ ਅਧਿਕਾਰਤ ਤੌਰ ’ਤੇ ਪੱਤਰ ਮਿਲਣ ਮਗਰੋਂ ਲਿਆ ਜਾਵੇਗਾ। ਉਂਝ ਜਥੇਦਾਰ ਵੱਲੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕੀਤਾ ਗਿਆ।