ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਨਵੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਉਦੇਸ਼, ਸਥਾਪਨਾ ਅਤੇ ਪ੍ਰਾਪਤੀਆਂ ਵਿਸ਼ੇ’ ’ਤੇ ਆਨਲਾਈਨ ਵੈਬਿਨਾਰਾਂ ਦੀ ਲੜੀ ਵਿਚ ਦੂਜਾ ਵੈਬਿਨਾਰ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸਮਾਗਮ ਦੌਰਾਨ ਯੂਨੀਵਰਸਿਟੀ ਕੁਲਪਤੀ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਮਾਨਵਤਾ ਦੀ ਸੇਵਾ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਹਮਣੇ ਗੰਭੀਰ ਚੁਣੌਤੀਆਂ ਹਨ, ਜਿਨ੍ਹਾਂ ਦੇ ਟਾਕਰੇ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਇੱਕਮੁੱਠ ਹੋਣਾ ਚਾਹੀਦਾ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਤੋਂ ਬਿਨਾਂ ਸਮਾਜ ਸੁਧਾਰ, ਸਿੱਖਿਆ ਅਤੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਵਡਮੁੱਲਾ ਯੋਗਦਾਨ ਪਾਇਆ ਹੈ।