ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਸਤੰਬਰ
ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ। ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇੱਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ ਨੇ ਭਾਈ ਲਾਲੋ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ।