ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਫਰਵਰੀ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ ਰਵਿਦਾਸ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਭਗਤ ਰਵਿਦਾਸ ਦੇ ਜੀਵਨ ਤੋਂ ਸੰਗਤ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਰਵਿਦਾਸ ਦੀ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਵਿਚ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਦੱਸਿਆ। ਇਸੇ ਤਰ੍ਹਾਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਬੀ ਭਾਨੀ ਦਾ ਜਨਮ ਦਿਹਾੜਾ ਵੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਭਾਈ ਜ਼ੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਨੇ ਆਪਣੀ ਬਾਣੀ ਰਾਹੀਂ ਕ੍ਰਾਂਤੀ ਲਿਆਂਦੀ ਸੀ। ਜਾਤਵਾਦ ਦੇ ਵਖਰੇਵੇਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਭਗਤ ਰਵਿਦਾਸ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਭਾਨੀ ਦੇ ਜਨਮ ਦਿਹਾੜੇ ਦੀ ਵੀ ਸੰਗਤ ਨੂੰ ਵਧਾਈ ਦਿੱਤੀ।