ਸ਼੍ਰੋਮਣੀ ਕਮੇਟੀ ਦਾ ਵਫ਼ਦ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਮਿਲਿਆ
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਟਨ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਕਾਤ ਕੀਤੀ। ਸ੍ਰੀ ਧਾਮੀ ਨੇ ਦੱਸਿਆ ਮੁਲਾਕਾਤ ਦਾ ਮੁੱਖ ਮੰਤਵ ਮਟਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਅਤੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਨਾ ਸੀ। ਇਸ ਸਬੰਧ ’ਚ ਬਣੀ ਰਾਇ ਅਨੁਸਾਰ ਇਹ ਨਗਰ ਕੀਰਤਨ 15 ਨਵੰਬਰ ਨੂੰ ਆਰੰਭ ਹੋਵੇਗਾ ਅਤੇ ਉਪ ਰਾਜਪਾਲ 16 ਨਵੰਬਰ ਨੂੰ ਜੰਮੂ ਵਿੱਚ ਇਸ ’ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 14 ਨਵੰਬਰ ਦੀ ਰਾਤ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਵਿੱਚ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸ੍ਰੀ ਸਿਨਹਾ ਨਾਲ ਮੁਲਾਕਾਤ ਮੌਕੇ ਉਨ੍ਹਾਂ ਨੇ ਨਗਰ ਕੀਰਤਨ ਲਈ ਸੁਰੱਖਿਆ ਅਤੇ ਟਰੈਫ਼ਿਕ ਦੇ ਪੁਖ਼ਤਾ ਪ੍ਰਬੰਧ ਕਰਨ ਦਾ ਭਰੋਸਾ ਦਿੰਦਿਆਂ ਆਨੰਦਪੁਰ ਸਾਹਿਬ ਦੇ ਸਮਾਗਮਾਂ ਵਿੱਚ ਪਹੁੰਚਣ ਦੀ ਹਾਮੀ ਵੀ ਭਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਉਪ ਰਾਜਪਾਲ ਨਾਲ ਸਰਕਾਰੀ ਕੈਲੰਡਰ ਵਿੱਚ ਗੁਰਪੁਰਬ ਆਦਿ ਦੀਆਂ ਤਰੀਕਾਂ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਕਰਨ ਸਬੰਧੀ ਵੀ ਗੱਲ ਕੀਤੀ ਹੈ, ਜਿਸ ਦੇ ਬਾਰੇ ਉਨ੍ਹਾਂ ਸਹਿਮਤੀ ਪ੍ਰਗਟਾਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਮਟਨ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਅਤੇ ਪ੍ਰਬੰਧਾਂ ਸਬੰਧੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਖੁਸ਼ਿਵੰਦਰ ਸਿੰਘ ਭਾਟੀਆ ਤੇ ਓ ਐੱਸ ਡੀ ਸਤਬੀਰ ਸਿੰਘ ਧਾਮੀ ਸਮੇਤ ਜੰਮੂ ਕਸ਼ਮੀਰ ਦੇ ਸਿੱਖ ਆਗੂ ਸ਼ਾਮਲ ਮੌਜੂਦ ਸਨ।
